ਡਾ. ਵਿਜੇ ਸਿੰਗਲਾ ਬੋਲੇ-ਮੈਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਕਰੱਪਸ਼ਨ ਦੇ ਮਾਮਲੇ ’ਚ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਭਾਣਜੇ ਨੂੰ ਮੋਹਾਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਹੈ। 3 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸਿੰਗਲਾ ਨੇ ਪੇਸ਼ੀ ਭੁਗਤਣ ਜਾਂਦੇ ਸਮੇਂ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ ਪ੍ਰੰਤੂ ਮੈਨੂੰ ਬਾਹਰੀ ਤਾਕਤਾਂ ਨੇ ਸਾਜ਼ਿਸ਼ ਤਹਿਤ ਫਸਾਇਆ ਹੈ। ਜਲਦੀ ਹੀ ਸਭ ਕੁਝ ਸਾਹਮਣੇ ਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਮੈਨੂੰ ਪਾਰਟੀ, ਸਰਕਾਰ, ਪੁਲਿਸ ਅਤੇ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਉਨ੍ਹਾਂ ਦੇ ਗੁਨਾਹ ਕਬੂਲਣ ਦੇ ਕੀਤੇ ਗਏ ਦਾਅਵੇ ’ਤੇ ਸਿੰਗਲਾ ਨੇ ਚੁੱਪੀ ਧਾਰ ਲਈ। ਸਿੰਗਲਾ ਦੀ ਕਮਿਸ਼ਨਖੋਰੀ ਤੋਂ ਬਾਅਦ ਮਹੱਲਾ ਕਲੀਨਿਕਾਂ ਲਈ ਦਿੱਤੇ ਗਏ ਟੈਂਡਰ ਵੀ ਜਾਂਚ ਦੇ ਘੇਰੇ ਵਿਚ ਆ ਗਏ ਹਨ। ਜਿਨ੍ਹਾਂ ਠੇਕੇਦਾਰਾਂ ਨੂੰ ਇਹ ਟੈਂਡਰ ਦਿੱਤੇ ਗਏ ਹਨ ਕਿਤੇ ਸਿੰਗਲਾ ਨੇ ਉਨ੍ਹਾਂ ਕੋਲੋਂ ਰਿਸ਼ਵਤ ਤਾਂ ਨਹੀਂ ਲਈ ਗਈ। ਇਸ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ, ਇਸ ਦੇ ਲਈ ਵਿਜੇ ਸਿੰਗਲਾ ਅਤੇ ਉਨ੍ਹਾਂ ਓਐਸਡੀ ਭਾਣਜੇ ਦੀ 3 ਮਹੀਨੇ ਦੀ ਕਾਲ ਡਿਟੇਲ ਕਢਵਾ ਕੇ ਰਿਕਾਰਡ ਫਰੋਲਿਆ ਜਾ ਰਿਹਾ ਹੈ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ 1 ਫੀਸਦੀ ਕਮਿਸ਼ਨ ਮੰਗਣ ਦੇ ਆਰੋਪ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਅਹੁਦੇ ਤੋਂ ਹਟਾਏ ਜਾਣ ਮਗਰੋਂ ਮਾਨ ਸਰਕਾਰ ਨੇ ਵਿਜੇ ਸਿੰਗਲਾ ਖਿਲਾਫ਼ ਕੇਸ ਦਰਜ ਕਰਵਾ ਦਿੱਤਾ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …