ਭਾਜਪਾ ਸਰਕਾਰ ਦੀ ਅੱਠਵੀਂ ਵਰ੍ਹੇਗੰਢ ਮੌਕੇ ਸ਼ਿਮਲਾ ‘ਚ ਰੈਲੀ
ਕਿਸਾਨ ਸੰਮਾਨ ਨਿਧੀ ਦੀ 11ਵੀਂ ਕਿਸ਼ਤ ਵਜੋਂ 21 ਹਜ਼ਾਰ ਕਰੋੜ ਰੁਪਏ ਕੀਤੇ ਜਾਰੀ
ਸ਼ਿਮਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ 2014 ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਸਰਕਾਰ ਦੇ ਜ਼ਰੂਰੀ ਹਿੱਸੇ ਵਜੋਂ ਦੇਖਿਆ ਜਾਂਦਾ ਸੀ ਪਰ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਦੀ ਬਰਦਾਸ਼ਤ ਨਾ ਕਰਨ ਦੀ ਨੀਤੀ ਕਾਰਨ ਪਿਛਲੇ ਅੱਠ ਸਾਲਾਂ ਅੰਦਰ ਦੇਸ਼ ‘ਚ ਵੱਡੇ ਪੱਧਰ ‘ਤੇ ਬਦਲਾਅ ਦੇਖੇ ਗਏ ਹਨ। ਇਸ ਮੌਕੇ ਉਨ੍ਹਾਂ ਕਿਸਾਨ ਸੰਮਾਨ ਨਿਧੀ ਦੀ 11ਵੀਂ ਕਿਸ਼ਤ ਵੀ ਜਾਰੀ ਕੀਤੀ।
ਪ੍ਰਧਾਨ ਮੰਤਰੀ ਨੇ ਆਪਣੀ ਸਰਕਾਰ ਦੀ ਅੱਠਵੀਂ ਵਰ੍ਹੇਗੰਢ ਮੌਕੇ ਸ਼ਿਮਲਾ ਦੇ ਰਿੱਜ ਮੈਦਾਨ ‘ਤੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2014 ਤੋਂ ਪਹਿਲਾਂ ਦੇ ਮੁਕਾਬਲੇ ਹੁਣ ਦੇਸ਼ ਦੀਆਂ ਸਰਹੱਦਾਂ ਵਧੇਰੇ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ‘ਚ ਆਉਣ ਮਗਰੋਂ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੀ ਸੂਚੀ ‘ਚੋਂ ਨੌਂ ਕਰੋੜ ਫਰਜ਼ੀ ਨਾਂ ਬਾਹਰ ਕੱਢੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਹੋਵੇ ਜਾਂ ਵਜ਼ੀਫਾ ਜਾਂ ਕੋਈ ਹੋਰ ਯੋਜਨਾ, ਅਸੀਂ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਪਹੁੰਚਾ ਕੇ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।
ਅਸੀਂ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ 22 ਲੱਖ ਕਰੋੜ ਰੁਪਏ ਦੀ ਰਾਸ਼ੀ ਪਾ ਕੇ ਉਨ੍ਹਾਂ ਨੂੰ ਸਿੱਧਾ ਲਾਭ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ‘ਚ ਗਰੀਬੀ ਲਗਾਤਾਰ ਘੱਟ ਰਹੀ ਹੈ ਤੇ ਕੌਮਾਂਤਰੀ ਏਜੰਸੀਆਂ ਨੇ ਵੀ ਇਹ ਗੱਲ ਮੰਨੀ ਹੈ। ਮੋਦੀ ਨੇ ਕਿਹਾ ਕਿ 2014 ਤੋਂ ਪਹਿਲਾਂ ਵੱਖ ਵੱਖ ਘੁਟਾਲਿਆਂ ਦੀਆਂ ਖ਼ਬਰਾਂ ਆਉਂਦੀਆਂ ਸਨ ਪਰ ਹੁਣ ਉਨ੍ਹਾਂ ਦੀ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਤੇ ਭ੍ਰਿਸ਼ਟਾਚਾਰ ਖਿਲਾਫ ‘ਜ਼ੀਰੋ ਟੌਲਰੈਂਸ’ ਨੀਤੀ ਦੀ ਚਰਚਾ ਹੈ। ਉਨ੍ਹਾਂ ਦੋਸ਼ ਲਾਇਆ ਕਿ 2014 ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਭ੍ਰਿਸ਼ਟਾਚਾਰ ਨੂੰ ਪ੍ਰਸ਼ਾਸਨ ਦਾ ਜ਼ਰੂਰੀ ਹਿੱਸਾ ਮੰਨ ਲਿਆ ਸੀ।
ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ‘ਚ ਕੋਵਿਡ-19 ਰੋਕੂ ਟੀਕਿਆਂ ਦੀਆਂ ਤਕਰੀਬਨ 200 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਵੱਖ-ਵੱਖ ਮੁਲਕਾਂ ਤੋਂ ਕੋਵਿਡ-19 ਦੇ ਟੀਕੇ ਦਰਾਮਦ ਕੀਤੇ ਹਨ ਤੇ ਹਿਮਾਚਲ ਪ੍ਰਦੇਸ਼ ਦੀ ਬੱਦੀ ਸਨਅਤੀ ਇਕਾਈ ਨੇ ਉਨ੍ਹਾਂ ਟੀਕਿਆਂ ਦੇ ਉਤਪਾਦਨ ‘ਚ ਅਹਿਮ ਭੂਮਿਕਾ ਨਿਭਾਈ ਹੈ।
ਬਿਲਾਸਪੁਰ ‘ਚ ਨਿਰਮਾਣ ਅਧੀਨ ਏਮਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੋਜਨਾ ਦੇਸ਼ ਦੇ ਹਰ ਜ਼ਿਲ੍ਹੇ ‘ਚ ਮੈਡੀਕਲ ਕਾਲਜ ਬਣਾਉਣ ਦੀ ਹੈ। ਰੈਲੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵੱਖ-ਵੱਖ ਕੇਂਦਰੀ ਪ੍ਰਾਜੈਕਟਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਕਿਸਾਨ ਸੰਮਾਨ ਨਿਧੀ ਦੀ 11ਵੀਂ ਕਿਸ਼ਤ ਵਜੋਂ 21 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ।
ਮੋਦੀ ਸਰਕਾਰ ਨੇ ਕਿਸਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੰਮ ਕੀਤਾ: ਸ਼ਾਹ
ਨਵੀਂ ਦਿੱਲੀ : ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਅੱਠ ਸਾਲਾਂ ਦੇ ਆਪਣੇ ਸ਼ਾਸਨ ਵਿਚ ਜਿੰਨਾ ਕੰਮ ਕਿਸਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤਾ ਹੈ, ਐਨਾ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਪੱਖੀ ਸਕੀਮਾਂ ਕਿਸਾਨਾਂ ਦੀ ਅਸਲ ਤਾਕਤ ਬਣ ਗਈਆਂ ਹਨ। ਗ੍ਰਹਿ ਮੰਤਰੀ ਨੇ ਇਹ ਟਿੱਪਣੀ ਉਸ ਵੇਲੇ ਕੀਤੀ ਹੈ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਿਸਾਨ ਸੰਮਾਨ ਨਿਧੀ’ ਸਕੀਮ ਦੀ ਗਿਆਰ੍ਹਵੀਂ ਕਿਸ਼ਤ ਤਹਿਤ 80 ਕਰੋੜ ਕਿਸਾਨਾਂ ਨੂੰ 21 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …