Breaking News
Home / ਪੰਜਾਬ / ਵਰਿੰਦਰ ਕੁਮਾਰ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ

ਵਰਿੰਦਰ ਕੁਮਾਰ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ

ਚੰਨੀ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਈਸ਼ਵਰ ਸਿੰਘ ਦੀ ਥਾਂ ਲੈਣਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ 1993 ਬੈਚ ਦੇ ਆਈਪੀਐੱਸ ਅਧਿਕਾਰੀ ਵਰਿੰਦਰ ਕੁਮਾਰ ਦੀ ਚੋਣ ਕੀਤੀ ਹੈ। ਉਹ ਈਸ਼ਵਰ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਏਡੀਜੀਪੀ (ਅਮਨ ਤੇ ਕਾਨੂੰਨ) ਨਿਯੁਕਤ ਕੀਤਾ ਗਿਆ ਹੈ। ਈਸ਼ਵਰ ਸਿੰਘ ਨੂੰ ਚੰਨੀ ਸਰਕਾਰ ਨੇ ਚੀਫ ਵਿਜੀਲੈਂਸ ਕਮਿਸ਼ਨ ਦੀ ਸਿਫਾਰਿਸ਼ ‘ਤੇ ਦੋ ਸਾਲਾਂ ਲਈ ਤਾਇਨਾਤ ਕੀਤਾ ਸੀ। ਸੂਤਰਾਂ ਦਾ ਦੱਸਣਾ ਹੈ ਕਿ ਲੰਘੇ ਹਫ਼ਤੇ ਵਿਜੀਲੈਂਸ ਦੇ ਨਵੇਂ ਮੁਖੀ ਦੀ ਨਿਯੁਕਤੀ ਸਬੰਧੀ ਸਰਕਾਰ ਨੇ ਫੈਸਲਾ ਕੀਤਾ ਸੀ। ਉਸ ਤੋਂ ਬਾਅਦ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਚੀਫ ਵਿਜੀਲੈਂਸ ਕਮਿਸ਼ਨਰ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਨਾਲ ਮੀਟਿੰਗ ਕਰਕੇ ਨਵੀਂ ਨਿਯੁਕਤੀ ਦਾ ਰਾਹ ਪੱਧਰਾ ਕੀਤਾ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਆਪਣੇ ਹੀ ਇੱਕ ਮੰਤਰੀ ਨੂੰ ਬਰਖਾਸਤ ਕਰਨ ਤੋਂ ਬਾਅਦ ਪੁਲਿਸ ਕੇਸ ਦਰਜ ਕਰਨ ਦਾ ਐਲਾਨ ਕੀਤਾ ਸੀ ਇਹ ਮਾਮਲਾ ਭ੍ਰਿਸ਼ਟਾਚਾਰ ਦਾ ਹੋਣ ਦੇ ਬਾਵਜੂਦ ਵਿਜੀਲੈਂਸ ਬਿਊਰੋ ਦੀ ਥਾਂ ਜ਼ਿਲ੍ਹਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ ਤੇ ਮੁਹਾਲੀ ਦੇ ਫੇਜ਼ 8 ਦੀ ਪੁਲਿਸ ਨੇ ਵਿਜੈ ਸਿੰਗਲਾ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਉਸ ਸਮੇਂ ਹੀ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਪੰਜਾਬ ਸਰਕਾਰ ਵਿਜੀਲੈਂਸ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਨਹੀਂ ਹੈ। ਸੂਤਰਾਂ ਦਾ ਦੱਸਣਾ ਹੈ ਕਿ ਆਉਂਦੇ ਦਿਨਾਂ ਦੌਰਾਨ ਸਿੰਜਾਈ ਵਿਭਾਗ ਨਾਲ ਸਬੰਧਤ ਘੁਟਾਲੇ ਵਿੱਚ ਵੀ ਅਧਿਕਾਰੀਆਂ ਤੇ ਸਿਆਸਤਦਾਨਾਂ ਦੀ ਭੂਮਿਕਾ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਇਹ ਵੀ ਜ਼ਿਕਰਯੋਗ ਹੈ ਕਿ ਸਿੰਜਾਈ ਵਿਭਾਗ ਨਾਲ ਸਬੰਧਤ ਬਹੁ-ਕਰੋੜੀ ਘੁਟਾਲੇ ਵਿੱਚ ਅਧਿਕਾਰੀਆਂ ਤੇ ਸਿਆਸਤਦਾਨਾਂ ਦੀ ਭੂਮਿਕਾ ‘ਤੇ ਉਂਗਲ ਉਠੀ ਸੀ ਪਰ ਸਾਬਕਾ ਕਾਂਗਰਸ ਸਰਕਾਰ ਨੇ ਇਸ ਮਾਮਲੇ ‘ਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …