ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਲੈ ਲਈ ਸੀ ਵਾਪਸ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸ਼ੇ੍ਰਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਰਾਜ਼ ਹੁੰਦਿਆਂ ਬਾਕੀ ਸੁਰੱਖਿਆ ਵੀ ਪੰਜਾਬ ਸਰਕਾਰ ਨੂੰ ਵਾਪਸ ਲੈਣ ਲਈ ਆਖ ਦਿੱਤਾ ਸੀ। ਇਸ ਤੋਂ ਕੁੱਝ ਸਮੇਂ ਬਾਅਦ ਹੀ ਉਨ੍ਹਾਂ ਦੀ ਸੁਰੱਖਿਆ ਮੁੜ ਬਹਾਲ ਕਰਨ ਦੀ ਰਿਪੋਰਟ ਆਈ, ਪਰ ਜਥੇਦਾਰ ਨੇ ਸੁਰੱਖਿਆ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜੈਡ ਸ਼ੇ੍ਰਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਕਿਹਾ ਸੀ ਜਿਹੜੇ 424 ਅਹਿਮ ਅਹਿਮ ਵਿਅਕਤੀਆਂ ਦੀ ਸੁਰੱਖਿਆ ਘਟਾਈ ਹੈ, ਉਨ੍ਹਾਂ ਸਾਰੇ ਵਿਅਕਤੀਆਂ ਦੀ ਸੁਰੱਖਿਆ ਮੁੜ ਬਹਾਲ ਕੀਤੀ ਜਾਵੇ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਹਾਈਕੋਰਟ ’ਚ ਕਿਹਾ ਗਿਆ ਕਿ 7 ਜੂਨ ਤੋਂ ਬਾਅਦ ਇਨ੍ਹਾਂ ਸਾਰੇ 424 ਵਿਅਕਤੀਆਂ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਜਾਵੇਗੀ।