ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਅਤੇ ਸੁੰਦਰ ਸ਼ਾਮ ਅਰੋੜਾ ਹੋਏ ਭਾਜਪਾ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਨੇ ਪੰਜਾਬ ਦੀ ਸਿਆਸਤ ਵਿਚ ਖਲਬਲੀ ਮਚਾ ਕੇ ਰੱਖ ਦਿੱਤਾ ਹੈ। ਪੰਜਾਬ ਦੇ 4 ਸਾਬਕਾ ਮੰਤਰੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਵਿਚ ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੱਧੂ ਦਾ ਨਾਮ ਸ਼ਾਮਲ ਹੈ। ਇਨ੍ਹਾਂ ਇਲਾਵਾ ਮਹਿੰਦਰ ਕੌਰ ਜੋਸ਼, ਕੇਵਲ ਢਿੱਲੋਂ, ਅਕਾਲੀ ਆਗੂ ਸਰੂਪ ਚੰਦ ਸਿੰਗਲਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਨੇ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ ਹੈ ਅਤੇ ਅਮਿਤ ਸ਼ਾਹ ਵੱਲੋਂ ਇਨ੍ਹਾਂ ਆਗੂਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਮੀਡੀਆ ਜਗਤ ’ਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਮਨਪ੍ਰੀਤ ਸਿੰਘ ਬਾਦਲ, ਮਹਿੰਦਰ ਸਿੰਘ ਕੇਪੀ ਅਤੇ ਰਾਣਾ ਕੇਪੀ ਵੀ ਕਿਸੇ ਵੀ ਸਮੇਂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਭਾਜਪਾ ਆਗੂ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਨਾਲ ਇਕ ਮੁਲਾਕਾਤ ਕੀਤੀ ਸੀ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਾ ਨੇ ਇਸ ’ਤੇ ਆਪਣੀ ਪ੍ਰਤੀਕਿ੍ਰਆ ਦਿੰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ, ਪੰਜਾਬ ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ।