ਕਾਂਗਰਸ, ਭਾਜਪਾ ਅਤੇ ਅਕਾਲੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪਰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਸੀਟ ਸੰਗਰੂਰ ਲਈ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸਦੇ ਚੱਲਦਿਆਂ ਅੱਜ ਸੋਮਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਅਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪੋ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਨਾਮਜ਼ਦਗੀ ਭਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਲਈ ਆਉਂਦੀ 23 ਜੂਨ ਨੂੰ ਵੋਟਾਂ ਪੈਣੀਆਂ ਹਨ। ਆਮ ਆਦਮੀ ਪਾਰਟੀ ਲਈ ਸੰਗਰੂਰ ਜ਼ਿਮਨੀ ਚੋਣ ਵੀ ਵੱਕਾਰ ਦਾ ਸਵਾਲ ਬਣੀ ਹੋਈ ਹੈ ਕਿਉਂਕਿ ਪੰਜਾਬ ਦੇ ਮਾਹੌਲ ਨੂੰ ਲੈ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕ ਰਹੀਆਂ ਹਨ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ ਅਤੇ ਭਗਵੰਤ ਮਾਨ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਵੀ ਬਣੇ ਹਨ। 2019 ਵਿਚ ਜਦੋਂ ਦੇਸ਼ ਵਿਚ ਮੋਦੀ ਲਹਿਰ ਚੱਲੀ ਸੀ ਤਾਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਹਾਰ ਗਏ ਸਨ, ਪਰ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਸਨ। ਹੁਣ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਤੇ ਸੰਗਰੂਰ ਲੋਕ ਸਭਾ ਸੀਟ ਦੇ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਸੀਟ ਕਿਸ ਪਾਰਟੀ ਕੋਲ ਜਾਂਦੀ ਹੈ।