ਮੀਟਿੰਗ ਦੌਰਾਨ ਲਏ ਗਏ ਕਈ ਅਹਿਮ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਾਸੀਆਂ ਦੀ ਸਹੂਲਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਫੈਸਲੇ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਅੱਜ ਸੋਮਵਾਰ ਨੂੰ ਮਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੀਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਮਾਲ ਮਹਿਕਮੇ ਸਬੰਧੀ ਸੇਵਾਵਾਂ ਸੁਚਾਰੂ ਤਰੀਕੇ ਨਾਲ ਤੇ ਬਿਨਾਂ ਦੇਰੀ ਤੋਂ ਮਿਲਣੀਆਂ ਯਕੀਨੀ ਬਣਾਉਣ ਦੀ ਲੋੜ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਅਸੁਵਿਧਾ ਨੂੰ ਘਟਾਉਣ ਲਈ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੇ ਸਾਰਾ ਰਿਕਾਰਡ ਡਿਜ਼ੀਟਾਈਜ਼ ਕਰਕੇ ਇੰਟਰਨੈੱਟ ਉਤੇ ਪਾ ਦਿੱਤਾ ਹੈ ਤਾਂ ਕਿ ਲੋਕ ਆਪਣੀਆਂ ਜਮ੍ਹਾਂਬੰਦੀਆਂ ਦੇਖ ਸਕਣ ਅਤੇ ਆਪਣੇ ਘਰਾਂ ਵਿੱਚ ਹੀ ਫਰਦਾਂ ਮੰਗਵਾ ਸਕਣ ਜਾਂ ਈ-ਮੇਲ ਕਰਵਾ ਸਕਣ। ਇਸ ਤੋਂ ਇਲਾਵਾ ਜਮ੍ਹਾਂਬੰਦੀਆਂ ਦੀ ਕਾਪੀ ਬਿਨੈਕਾਰ ਨੂੰ ਆਨਲਾਈਨ ਅਰਜ਼ੀ ਦੇਣ ਮਗਰੋਂ ਫਰਦ ਕੇਂਦਰਾਂ/ਘਰਾਂ/ਈ-ਮੇਲ ਉਤੇ ਵੀ ਉਪਲਬਧ ਕਰਵਾਈ ਜਾਵੇਗੀ।