ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮੌਕੇ ਕੀਤਾ ਸੰਬੋਧਨ
ਅੰਮਿ੍ਰਤਸਰ/ਬਿਊਰੋ ਨਿਊਜ਼
ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮਨਾਈ ਗਈ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਸੱਦਾ ਦਿੰਦਿਆਂ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਗਤਕਾ ਅਕੈਡਮੀਆਂ ਤੇ ਸ਼ੂਟਿੰਗ ਰੇਂਜਾਂ ਸਥਾਪਿਤ ਕਰਕੇ ਸਿੱਖਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦਿੱਤੀ ਜਾਵੇ। ਅੱਜ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਆਧੁਨਿਕ ਹਥਿਆਰ ਰੱਖਣ ਦੀ ਲੋੜ ਹੈ ਤੇ ਹਥਿਆਰ ਚਲਾਉਣ ਦੀ ਟਰੇਨਿੰਗ ਅਸੀਂ ਖੁੱਲ੍ਹੇਆਮ ਦਿਆਂਗੇ। ਉਹਨਾਂ ਕਿਹਾ ਕਿ ਸਰਕਾਰਾਂ ਅੱਜ ਸਿੱਖ ਕੌਮ ਦੀ ਘੇਰਾਬੰਦੀ ਵਿਚ ਲੱਗੀਆਂ ਹੋਈਆਂ ਹਨ ਪਰ ਸਿੱਖ ਕੌਮ ਡਰਨ ਵਾਲੀ ਨਹੀਂ ਹੈ। ਜਥੇਦਾਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇੱਕਜੁੱਟਤਾ ਦਾ ਹੋਕਾ ਵੀ ਦਿੱਤਾ ਤੇ ਕਿਹਾ ਕਿ ਜਿਹੜੇ ਇਕੱਲੇ ਤੁਰਦੇ ਹਨ, ਉਹਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਜਿਹੜੇ ਇੱਕਜੁੱਟਤਾ ਨਾਲ ਤੁਰਦੇ ਹਨ, ਉਹਨਾਂ ਨੂੰ ਫਤਿਹ ਨਸੀਬ ਹੁੰਦੀ ਹੈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਰਦਾਸ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਆਗੂ ਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ। ਇਸ ਮੌਕੇ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਆਪਣਾ ਇਕ ਵੱਖਰਾ ਸੰਦੇਸ਼ ਪੜ੍ਹਿਆ।
Check Also
‘ਆਪ’ ਵਿਧਾਇਕ ਖਿਲਾਫ਼ ਬਰਨਾਲਾ ’ਚ ਅਧਿਆਪਕਾਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ
ਜੌੜਾਮਾਜਰਾ ਨੇ ਅਧਿਆਪਕਾਂ ਨੂੰ ਬੋਲੇ ਸਨ ਇਤਰਾਜ਼ਯੋਗ ਸ਼ਬਦ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੇ ਸਮਾਣਾ ਸਕੂਲ …