ਸੰਗਰੂਰ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਐਕਸ਼ਨ ‘ਚ
ਚੰਡੀਗੜ੍ਹ : ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਐਕਸ਼ਨ ਵਿਚ ਆ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਲਕਾ ਮਹਿਲ ਕਲਾਂ ਤੋਂ ਸਾਬਕਾ ਵਿਧਾਇਕ ਹਰਚੰਦ ਕੌਰ ਦੀ ਪਾਰਟੀ ਵਿਚੋਂ ਛੁੱਟੀ ਕਰ ਦਿੱਤੀ ਹੈ ਅਤੇ ਉਸ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਆਰੋਪ ਲਗਾਇਆ ਗਿਆ ਹੈ। ਉਧਰ ਦੂਜੇ ਪਾਸੇ ਸੰਗਰੂਰ ਲੋਕ ਸੀਟ ਜਿੱਤਣ ਲਈ ਕਾਂਗਰਸ ਹਾਈਕਮਾਨ ਨੇ 50 ਤੋਂ ਵੱਧ ਕਾਂਗਰਸੀ ਆਗੂਆਂ ਨੂੰ ਸੰਗਰੂਰ ਹਲਕੇ ਵਿਚ ਭੇਜ ਦਿੱਤਾ ਹੈ। ਇਨ੍ਹਾਂ ਆਗੂਆਂ ਨੂੰ ਸੰਗਰੂਰ ਲੋਕ ਸਭਾ ਸੀਟ ਜਿੱਤਣ ਦਾ ਜਿੰਮਾ ਸੌਂਪਿਆ ਗਿਆ ਹੈ। ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਜਿੰਦਰ ਕੌਰ ਭੱਠਲ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ, ਸੁਖਪਾਲ ਖਹਿਰਾ, ਰਾਜ ਕੁਮਾਰ ਚੱਬੇਵਾਲ ਸਣੇ ਹੋਰ ਕਈ ਸੀਨੀਅਰ ਆਗੂਆਂ ਨੂੰ ਸੰਗਰੂਰ ਲੋਕ ਸਭਾ ਹਲਕੇ ‘ਚ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਣ ਦੇ ਆਸਾਰ ਹਨ ਅਤੇ 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਜਿਸਦਾ ਨਤੀਜਾ 26 ਜੂਨ ਨੂੰ ਆ ਜਾਵੇਗਾ।