Breaking News
Home / ਪੰਜਾਬ / ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਪੁੱਜੇ ਹਜ਼ਾਰਾਂ ਲੋਕ

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਪੁੱਜੇ ਹਜ਼ਾਰਾਂ ਲੋਕ

ਪਿਤਾ ਵੱਲੋਂ ਨੌਜਵਾਨਾਂ ਨੂੰ ਦਸਤਾਰ ਸਜਾਉਣ ਤੇ ਮਾਂ ਵੱਲੋਂ ਪੁੱਤਰ ਦੀ ਯਾਦ ਵਿਚ ਬੂਟੇ ਲਾਉਣ ਦਾ ਸੱਦਾ
ਮਾਨਸਾ/ਬਿਊਰੋ ਨਿਊਜ਼ : ਮਾਨਸਾ ਦੀ ਅਨਾਜ ਮੰਡੀ ਵਿੱਚ ਬੁੱਧਵਾਰ ਨੂੰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਸ਼ਖ਼ਸੀਅਤਾਂ ਤੇ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ ਲੋਕ ਸ਼ਾਮਲ ਹੋਏ।
ਇਥੇ ਪਹੁੰਚੇ ਨੌਜਵਾਨਾਂ ਨੇ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀਆਂ ਟੀ-ਸ਼ਰਟਾਂ ਪਹਿਨੀਆਂ ਹੋਈਆਂ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕੀਰਤਨ ਕੀਤਾ ਗਿਆ ਤੇ ਕੀਰਤਨੀ ਜਥਿਆਂ ਨੇ ਸੰਦੇਸ਼ ਦਿੱਤਾ ਕਿ ਨੇਕ ਕਮਾਈ ਕਰਕੇ ਜਾਣ ਵਾਲੇ ਦਾ ਇਤਿਹਾਸ ਗਵਾਹ ਬਣਦਾ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦੇਵੇਗੀ, ਪਰ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਸਿਰ ‘ਤੇ ਦਸਤਾਰਾਂ ਸਜਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਹੀ ਸਭ ਤੋਂ ਵੱਡੀ ਸ਼ਰਧਾਂਜਲੀ ਹੋਵੇਗੀ।
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆ ਤੋਂ ਚਲਾ ਗਿਆ ਹੈ, ਪਰ ਲੋਕਾਂ ਵੱਲੋਂ ਜੋ ਪਿਆਰ ਤੇ ਸਾਥ ਦਿੱਤਾ ਗਿਆ ਹੈ, ਉਸ ਨਾਲ ਪੰਜਾਬ ਦਾ ਹਰ ਨੌਜਵਾਨ ਉਨ੍ਹਾਂ ਦਾ ਪੁੱਤਰ ਬਣ ਗਿਆ ਹੈ।
ਉਨ੍ਹਾਂ ਅਪੀਲ ਕੀਤੀ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲਾ ਹਰ ਸ਼ਖ਼ਸ ਉਸ ਦੇ ਨਾਮ ਦਾ ਬੂਟਾ ਲਾ ਕੇ ਉਸ ਦਾ ਪਾਲਣ-ਪੋਸ਼ਣ ਕਰੇ ਤਾਂ ਜੋ ਉਸ ਬੂਟੇ ਦੇ ਰੂਪ ਵਿੱਚ ਸਿੱਧੂ ਹਮੇਸ਼ਾ ਜ਼ਿੰਦਾ ਰਹੇ। ਇਸ ਸ਼ਰਧਾਂਜਲੀ ਸਮਾਗਮ ਵਿੱਚ ਮਹਾਰਾਸ਼ਟਰ, ਬੰਗਾਲ, ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ ਤੋਂ ਨੌਜਵਾਨ ਪਹੁੰਚੇ। ਇਕੱਠ ਇੰਨਾ ਵੱਡਾ ਸੀ ਕਿ ਇੱਥੇ ਆਉਣ ਵਾਲੇ ਵਾਹਨਾਂ ਕਾਰਨ ਇਲਾਕੇ ਵਿੱਚ ਦੂਰ-ਦੂਰ ਤੱਕ ਜਾਮ ਲੱਗ ਗਏ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …