Breaking News
Home / ਪੰਜਾਬ / ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਮੈਦਾਨ ਭਖਿਆ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਮੈਦਾਨ ਭਖਿਆ

ਕਮਲਦੀਪ ਕੌਰ, ਕੇਵਲ ਢਿੱਲੋਂ, ਦਲਬੀਰ ਸਿੰਘ ਤੇ ਗੁਰਮੇਲ ਸਿੰਘ ਨੇ ਭਰੀ ਨਾਮਜ਼ਦਗੀ
ਚੰਡੀਗੜ੍ਹ : ਲੋਕ ਸਭਾ ਸੀਟ ਸੰਗਰੂਰ ਲਈ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸਦੇ ਚੱਲਦਿਆਂ ਸੋਮਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਅਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪੋ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਨਾਮਜ਼ਦਗੀ ਭਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਲਈ ਆਉਂਦੀ 23 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ 26 ਜੂਨ ਨੂੰ ਨਤੀਜੇ ਆਉਣਗੇ। ਆਮ ਆਦਮੀ ਪਾਰਟੀ ਲਈ ਸੰਗਰੂਰ ਜ਼ਿਮਨੀ ਚੋਣ ਵੀ ਵੱਕਾਰ ਦਾ ਸਵਾਲ ਬਣੀ ਹੋਈ ਹੈ ਕਿਉਂਕਿ ਪੰਜਾਬ ਦੇ ਮਾਹੌਲ ਨੂੰ ਲੈ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕ ਰਹੀਆਂ ਹਨ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ ਅਤੇ ਭਗਵੰਤ ਮਾਨ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਵੀ ਬਣੇ ਹਨ। 2019 ਵਿਚ ਜਦੋਂ ਦੇਸ਼ ਵਿਚ ਮੋਦੀ ਲਹਿਰ ਚੱਲੀ ਸੀ ਤਾਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਹਾਰ ਗਏ ਸਨ, ਪਰ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਸਨ। ਹੁਣ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਤੇ ਸੰਗਰੂਰ ਲੋਕ ਸਭਾ ਸੀਟ ਦੇ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਸੀਟ ਕਿਸ ਪਾਰਟੀ ਕੋਲ ਜਾਂਦੀ ਹੈ।
ਕਮਲਦੀਪ ਦੇ ਹੱਕ ‘ਚ ਆਪਣਾ ਨਾਂ ਵਾਪਸ ਲੈਣ ਸਿਮਰਨਜੀਤ ਮਾਨ : ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਮਨੀ ਚੋਣ ਵਿੱਚ ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਖੜ੍ਹਦੇ ਹੋਏ ਆਪਣਾ ਨਾਮ ਵਾਪਸ ਲੈਣ ਤਾਂ ਜੋ ਪੰਥਕ ਏਕਤਾ ਬਣੀ ਰਹੇ ਅਤੇ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ। ਇੱਥੇ ਕਮਲਦੀਪ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਖ਼ੁਦ ਸਿਮਰਨਜੀਤ ਮਾਨ ਦੇ ਘਰ ਜਾ ਕੇ ਅਪੀਲ ਕੀਤੀ ਸੀ ਕਿ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਕੋਈ ਮੈਂਬਰ ਸਾਂਝਾ ਉਮੀਦਵਾਰ ਚੁਣਿਆ ਜਾਵੇ।
ਜ਼ਿਮਨੀ ਚੋਣ ਦੇ ਨਤੀਜੇ ਬਦਲਾਅ ਵਾਲੇ ਹੋਣਗੇ: ਅਸ਼ਵਨੀ ਸ਼ਰਮਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੰਗਰੂਰ ਹਲਕੇ ਦਾ ਭਲਾ ਇਸੇ ਵਿਚ ਹੈ ਕਿ ਲੋਕ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਜਿਤਾ ਕੇ ਸੰਸਦ ਵਿਚ ਭੇਜਣ ਕਿਉਂਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਵਧੀਆ ਤਰੀਕੇ ਨਾਲ ਢਿੱਲੋਂ ਹਲਕੇ ਦੇ ਲੋਕਾਂ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ‘ਆਪ’ ਸਰਕਾਰ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਬੜੀ ਮੁਸ਼ਕਲ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਹੋਈ ਸੀ ਪਰ ਦੋ ਮਹੀਨਿਆਂ ਦੇ ਅੰਦਰ ਹੀ ਨੌਸਿਖੀਆਂ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਖਤਰੇ ਵਿਚ ਪਾ ਦਿੱਤਾ ਹੈ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …