ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਵੀ 14 ਦਿਨਾਂ ਲਈ ਮੁੜ ਭੇਜਿਆ ਗਿਆ ਜੇਲ੍ਹ
ਮੋਹਾਲੀ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਦੋਵੇਂ ਓ ਐਸ ਡੀਜ਼ ਨੂੰ ਰਿਮਾਂਡ ਖਤਮ ਹੋਣ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਫਿਰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਦਕਿ ਵਿਜੀਲੈਂਸ ਨੇ 5 ਦਿਨ ਦਾ ਰਿਮਾਂਡ ਮੰਗਿਆ ਸੀ। 13 ਜੂਨ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਥੇ ਇਸੇ ਮਾਮਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀ ਗਿ੍ਰਫ਼ਤਾਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਧਿਆਨ ਰਹੇ ਕਿ ਧਰਮਸੋਤ ’ਤੇ ਆਰੋਪ ਹੈ ਕਿ ਉਹ ਇਕ ਦਰਖਤ ਦੀ ਕਟਾਈ ਪਿਛੇ 500 ਰੁਪਏ ਕਮਿਸ਼ਨ ਲੈਂਦੇ ਸਨ। ਵਿਜੀਲੈਂਸ ਬਿਊਰੋ ਦਾ ਦਾਅਵਾ ਹੈ ਕਿ ਉਸ ਨੇ ਲਗਭਗ ਸਵਾ ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵੀ ਹਾਲੇ ਜੇਲ੍ਹ ਅੰਦਰ ਹੀ ਰਹਿਣਗੇ। ਉਸ ਨੂੰ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਮੋਹਾਲੀ ਕੋਰਟ ਪੇਸ਼ ਕੀਤਾ ਗਿਆ। ਕੋਰਟ ਨੇ ਸਿੰਗਲਾ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਰਿਸ਼ਵਤ ਮੰਗਣ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।