ਇਕਬਾਲ ਸਿੰਘ ਨੂੰ ਨਜਾਇਜ਼ ਮਾਈਨਿੰਗ ਦੇ ਆਰੋਪ ’ਚ ਕੀਤਾ ਗਿਆ ਹੈ ਗਿ੍ਰਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੀ ਕਾਂਗਰਸ ਸਰਕਾਰ ’ਚ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਸ ’ਤੇ ਨਜਾਇਜ਼ ਮਾਈਨਿੰਗ ਦਾ ਆਰੋਪ ਹੈ। ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਜਿੰਦਾਪੁਰ ’ਚ ਹੋ ਰਹੀ ਨਜਾਇਜ਼ ਮਾਈਨਿੰਗ ਦਾ ਖੁਲਾਸਾ ਕੀਤਾ ਸੀ ਅਤੇ ਰਾਘਵ ਚੱਢਾ ਨੇ ਜਿੰਦਾਪੁਰ ਪਿੰਡ ’ਚ ਰੇਡ ਵੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਥੇ ਨਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਹਿ ਦੇ ਰਹੇ ਹਨ। ਹਾਲਾਂਕਿ ਬਾਅਦ ਵਿਚ ਚੰਨੀ ਖੁਦ ਉਸ ਜਗ੍ਹਾ ’ਤੇ ਪਹੁੰਚੇ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਇਥੇ ਕੋਈ ਨਜਾਇਜ਼ ਮਾਈਨਿੰਗ ਨਹੀਂ ਕੀਤੀ ਜਾ ਰਹੀ। ਇਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਦਾਅਵਾ ਕੀਤਾ ਸੀ ਕਿ ਇਕਬਾਲ ਸਿੰਘ ਨਜਾਇਜ਼ ਮਾਈਨਿੰਗ ਦਾ ਸਭ ਤੋਂ ਵੱਡਾ ਠੇਕੇਦਾਰ ਹੈ। ਉਨ੍ਹਾਂ ਇਕਬਾਲ ਸਿੰਘ ’ਤੇ ਕਈ ਗੰਭੀਰ ਆਰੋਪ ਵਿਚ ਲਗਾਏ ਸਨ। ਜਦਕਿ ਉਸ ਸਮੇਂ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਇਕਬਾਲ ਸਿੰਘ ਉਦੋਂ ਚਰਚਾ ਵਿਚ ਆਇਆ ਸੀ ਜਦੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਗਏ ਸਨ।