8 ਮੰਤਰੀਆਂ ਦੇ ਅਹੁਦੇ ਖਾਲੀ, ਦੂਜੀ ਵਾਰ ਜਿੱਤੇ ਵਿਧਾਇਕਾਂ ਨੂੰ ਮਿਲ ਸਕਦਾ ਹੈ ਮੌਕਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਦਾ ਵਿਸਥਾਰ ਅਗਲੇ ਮਹੀਨੇ ਕੀਤਾ ਜਾ ਸਕਦਾ ਹੈ। ਇਸ ਮਹੀਨੇ ਦੇ ਅੰਤ ’ਚ ਬਜਟ ਸੈਸ਼ਨ ਹੈ ਅਤੇ ਉਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਕੈਬਨਿਟ ’ਚ ਨਵੇਂ ਮੰਤਰੀ ਸ਼ਾਮਲ ਹੋ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਫਿਲਹਾਲ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਨਵੇਂ ਮੰਤਰੀਆਂ ’ਚ ਮਹਿਲਾ ਵਿਧਾਇਕਾਂ ਅਤੇ ਦੂਜੀ ਵਾਰ ਜਿੱਤ ਹਾਸਲ ਕਰਨ ਵਾਲੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਹਾਲਾਂਕਿ ਮੰਤਰੀ ਮੰਡਲ ਨੂੰ ਹਾਲੇ ਪੂਰੀ ਤਰ੍ਹਾਂ ਭਰਿਆ ਨਹੀਂ ਜਾਵੇਗਾ ਜਦਕਿ 4 ਤੋਂ 5 ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ’ਚ ਮੁੱਖ ਮੰਤਰੀ ਸਮੇਤ 18 ਮੰਤਰੀ ਬਣਾਏ ਜਾ ਸਕਦੇ ਹਨ। ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ ਜਿਸ ਤੋਂ ਬਾਅਦ ਸਿਹਤ ਮੰਤਰੀ ਵਾਲਾ ਅਹੁਦਾ ਵੀ ਖਾਲੀ ਹੋ ਗਿਆ ਸੀ, ਜੋ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਉਨ੍ਹਾਂ 27 ਵਿਭਾਗ ਆਪਣੇ ਕੋਲ ਰੱਖੇ ਸਨ ਅਤੇ ਹੁਣ ਸਿਹਤ ਵਿਭਾਗ ਵੀ ਉਨ੍ਹਾਂ ਕੋਲ ਹੋਣ ਕਰਕੇ ਕੁੱਲ 28 ਵਿਭਾਗ ਉਨ੍ਹਾਂ ਕੋਲ ਹਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …