ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਭੈਣ ਬਣਾ ਕੇ ਉਤਾਰਿਆਂ ਸੀ ਟੈਂਕੀ ਤੋਂ ਹੇਠਾਂ
ਸੰਗਰੂਰ/ਬਿਊਰੋ ਨਿਊਜ਼ : ਬੇਰੁਜ਼ਗਾਰ ਪੀਟੀਆਈ ਯੂਨੀਅਨ ਦੀਆਂ 2 ਅਧਿਆਪਕਾਂ ਅੱਜ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਗਰੂਰ ਦੇ ਸਿਵਲ ਹਸਤਾਲ ਵਿਖੇ ਬਣੀ ਟੈਂਕੀ ’ਤੇ ਚੜ੍ਹ ਗਈਆਂ। ਟੈਂਕੀ ’ਤੇ ਚੜ੍ਹੀਆਂ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਯੂਨੀਅਨ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰੇ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬੇਰੁਜ਼ਗਾਰ ਅਧਿਆਪਕਾ ਸਿੱਪੀ ਸ਼ਰਮਾ 90 ਦਿਨ ਮੋਹਾਲੀ ਦੀ ਪਾਣੀ ਵਾਲੀ ਟੈਂਕੀ ’ਤੇ ਬੈਠੀ ਰਹੀ ਸੀ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਕਰਨ ਲਈ ਮੋਹਾਲੀ ਪਹੁੰਚੇ ਸਨ ਅਤੇ ਉਨ੍ਹਾਂ ਸਿੱਪੀ ਸ਼ਰਮਾ ਨੂੰ ਆਪਣੀ ਭੈਣ ਬਣਾ ਕੇ ਟੈਂਕੀ ਤੋਂ ਹੇਠ ਉਤਾਰਿਆ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਤੁਹਾਡੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਪ੍ਰੰਤੂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 3 ਮਹੀਨੇ ਹੋ ਚੁੱਕੇ ਹਨ ਅਤੇ ਇਨ੍ਹਾਂ ਵੱਲੋਂ ਦੂਜੀਆਂ ਸਰਕਾਰਾਂ ਵਾਂਗੂੰ ਸਾਨੂੰ ਲਾਰੇ ਹੀ ਲਗਾਏ ਜਾ ਰਹੇ ਹਨ।