ਇਕਨਾਮਿਕ ਪਾਲਿਸੀ ਅਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਹੋਣਗੇ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕਮਜ਼ੋਰ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵਾਂ ਯੋਜਨਾ ਬੋਰਡ ਬਣਾ ਦਿੱਤਾ ਹੈ। ਇਸਦਾ ਨਾਮ ਇਕਨਾਮਿਕ ਪਾਲਿਸੀ ਐਂਡ ਪਲਾਨਿੰਗ ਬੋਰਡ ਰੱਖਿਆ ਗਿਆ ਹੈ। ਇਹ ਪਿਛਲੇ ਪੰਜਾਬ ਰਾਜ ਯੋਜਨਾ ਬੋਰਡ ਦੀ ਜਗ੍ਹਾ ਲਵੇਗਾ। ਨਵੇਂ ਬੋਰਡ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਅਤੇ ਵਾਈਸ ਚੇਅਰਮੈਨ ਦੇ ਤੌਰ ’ਤੇ ਵਿੱਤ ਮੰਤਰੀ ਕੰਮ ਕਰਨਗੇ। ਇਹ ਫੈਸਲਾ ਇਸ ਲਈ ਅਹਿਮ ਹੈ ਕਿਉਂਕਿ ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਕ ਲੱਖ ਕਰੋੜ ਰੁਪਏ ਦਾ ਸਪੈਸ਼ਲ ਪੈਕੇਜ ਵੀ ਮੰਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਸੀ। ਇਸਦੀ ਵਾਈਸ ਚੇਅਰਮੈਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਸੀ ਅਤੇ ਉਨ੍ਹਾਂ ਨੂੰ ਸਰਕਾਰ ਨੇ ਕੈਬਨਿਟ ਰੈਂਕ ਵੀ ਦਿੱਤਾ ਹੋਇਆ ਸੀ।