Breaking News
Home / ਪੰਜਾਬ / ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਵੌਲਵੋ ਬੱਸ ਸੇਵਾ ਹੋਈ ਸ਼ੁਰੂ

ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਵੌਲਵੋ ਬੱਸ ਸੇਵਾ ਹੋਈ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦਿਖਾਈ ਹਰੀ ਝੰਡੀ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਦਿੱਲੀ ਏਅਰਪੋਰਟ ਦੇ ਲਈ ਅੱਜ ਤੋਂ ਸਰਕਾਰੀ ਵੌਲਵੋ ਬੱਸ ਸੇਵਾ ਸ਼ੁਰੂ ਹੋ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਸਾਂ ਨੂੰੂ ਹਰੀ ਝੰਡੀ ਦਿਖਾ ਕੇ ਜਲੰਧਰ ਬੱਸ ਅੱਡੇ ਤੋਂ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਲਈ ਰਵਾਨਾ ਕੀਤਾ। ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਵੀ ਮੌਜੂਦ ਸਨ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਬੱਸਾਂ ਚੱਲਣ ਨਾਲ ਹੁਣ ਪ੍ਰਾਈਵੇਟ ਬੱਸਾਂ ਵਾਲਿਆਂ ਵੱਲੋਂ ਕੀਤੀ ਜਾਣ ਵਾਲੀ ਲੁੱਟ ਤੋਂ ਯਾਤਰੀਆਂ ਨੂੰ ਛੁਟਕਾਰਾ ਮਿਲੇਗਾ। ਉਨ੍ਹਾਂ ਪ੍ਰਾਈਵੇਟ ਬੱਸ ਮਾਲਕਾਂ ਨੂੰ ਕਿਹਾ ਕਿ ਉਹ ਇਹ ਨਾ ਸੋਚਣ ਕਿ ਉਨ੍ਹਾਂ ਵੱਲੋਂ ਕੀਤੀ ਗਈ ਲੁੱਟ ਦਾ ਹਿਸਾਬ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਲੁੱਟ ਦਾ ਹਿਸਾਬ ਪ੍ਰਾਈਵੇਟ ਬੱਸ ਕੰਪਨੀਆਂ ਤੋਂ ਲਿਆ ਜਾਵੇਗਾ ਅਤੇ ਇਸ ਤੋਂ ਆਉਣ ਵਾਲਾ ਪੈਸਾ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਕਰਵਾਇਆ ਜਾਵੇਗਾ। ਇਸ ਬੱਸ ਸੇਵਾ ਦੇ ਸ਼ੁਰੂ ਹੋਣ ਨਾਲ ਹੁਣ ਜਲੰਧਰ ਤੋਂ ਦਿੱਲੀ ਤੱਕ ਮਾਤਰ 1170 ਰੁਪਏ ਕਿਰਾਇਆ ਲੱਗੇਗਾ ਜਦਕਿ ਇਸ ਤੋਂ ਪਹਿਲਾਂ ਪ੍ਰਾਈਵੇਟ ਬੱਸਾਂ ਵਾਲਿਆਂ ਵੱਲੋਂ 2850 ਰੁਪਏ ਕਿਰਾਇਆ ਵਸੂਲਿਆ ਜਾਂਦਾ ਸੀ। ਇਸ ਦੇ ਨਾਲ ਹੀ ਇਨ੍ਹਾਂ ਬੱਸਾਂ ’ਚ ਸਫ਼ਰ ਕਰਨ ਲਈ ਆਨਲਾਈਨ ਪਨਬਸ ਜਾਂ ਫਿਰ ਪੰਜਾਬ ਰੋਡਵੇਜ਼ ਦੀ ਸਾਈਟ ’ਤੇ ਜਾ ਕੇ ਅਤੇ ਜਾਂ ਫਿਰ ਕਾਊਂਟਰ ’ਤੇ ਜਾ ਕੇ ਬੁਕਿੰਗ ਵੀ ਕਰਵਾਈ ਜਾ ਸਕਦੀ ਹੈ ਅਤੇ ਯਾਤਰੀ 6 ਮਹੀਨੇ ਪਹਿਲਾਂ ਹੀ ਆਪਣੀ ਸੀਟ ਰਿਜ਼ਰਵ ਕਰਵਾ ਸਕਦੇ ਹਨ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …