ਕਿਹਾ : ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਸਿੱਖ ਸੰਗਤਾਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਣ ਵਾਲਿਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਹਰਗੋਬਿੰਦ ਜੀ ਨੇ ਗਵਾਲੀਅਰ ਦੇ ਕਿਲੇ ਵਿਚੋਂ 52 ਬੰਦੀ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ ਉਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਉਨ੍ਹਾਂ ਸੰਗਤਾਂ ਨਾਲ ਇਹ ਵਿਚਾਰ ਸਾਂਝੇ ਕੀਤੇ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣਾ ਪਵੇਗਾ। ਜੇਕਰ ਇਸ ਮਾਮਲੇ ਨੂੰ ਲੈ ਕੇ ਸਾਡੀਆਂ ਰਾਵਾਂ ਵੱਖ-ਵੱਖ ਹੋਣਗੀਆਂ ਤਾਂ ਅਸੀਂ ਬੰਦੀ ਸਿੰਘ ਦੀ ਰਿਹਾਈ ਵਾਲਾ ਮਸਲਾ ਕਦੇ ਵੀ ਹੱਲ ਨਹੀਂ ਕਰਵਾ ਸਕਾਂਗੇ।