Breaking News
Home / ਹਫ਼ਤਾਵਾਰੀ ਫੇਰੀ / ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵੋਲਵੋ ਬੱਸਾਂ ਨੂੰ ਦਿਖਾਈ ਹਰੀ ਝੰਡੀ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵੋਲਵੋ ਬੱਸਾਂ ਨੂੰ ਦਿਖਾਈ ਹਰੀ ਝੰਡੀ

ਰੋਜ਼ ਚੱਲਣਗੀਆਂ 19 ਬੱਸਾਂ- ਨਿੱਜੀ ਬੱਸਾਂ ਨਾਲੋਂ ਕਿਰਾਇਆ ਅੱਧੇ ਤੋਂ ਵੀ ਘੱਟ
ੲ ਛੇ ਮਹੀਨੇ ਪਹਿਲਾਂ ਵੀ ਬੁਕਿੰਗ ਦੀ ਸਹੂਲਤ
ਗਰਮੀ ‘ਚ ਐਨਆਰਆਈਜ਼ ਦੀ ਗਿਣਤੀ ਘੱਟ, ਫਿਰ ਵੀ ਰੋਜ਼ ਚੱਲਣਗੀਆਂ ਬੱਸਾਂ
ਜਲੰਧਰ/ਬਿਊਰੋ ਨਿਊਜ਼ : ਨਵੰਬਰ 2018 ਤੋਂ ਬੰਦ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀ ਵੋਲਵੋ ਬਸ ਸਰਵਿਸ ਨੂੰ ਮੁੜ ਦਿੱਲੀ ਏਅਰਪੋਰਟ ਲਈ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸਾਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਹ ਬੱਸਾਂ ਆਈਐਸਬੀਟੀ ਦੀ ਬਜਾਏ ਦਿੱਲੀ ਬਾਈਪਾਸ ਤੋਂ ਮਧੂਬਨ ਚੌਕ, ਜਨਕਪੁਰੀ, ਧੌਲਾ ਕੂਆਂ ਤੋਂ ਹੁੰਦੇ ਹੋਏ ਏਅਰਪੋਰਟ ਪਹੁੰਚਣਗੀਆਂ।
ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚੋਂ ਰੋਜ਼ਾਨਾ ਕਰੀਬ 19 ਟਾਈਮ ‘ਤੇ ਵੋਲਵੋ ਬੱਸਾਂ ਦਿੱਲੀ ਏਅਰਪੋਰਟ ਲਈ ਰਵਾਨਾ ਹੋਣਗੀਆਂ। ਜਿਸ ਵਿਚ ਸਭ ਤੋਂ ਜ਼ਿਆਦਾ ਬੱਸਾਂ ਜਲੰਧਰ ਤੋਂ ਚੱਲਣਗੀਆਂ। ਗਰਮੀ ਦੇ ਕਾਰਨ ਐਨਆਰਆਈਜ਼ ਘੱਟ ਹਨ, ਇਸਦੇ ਬਾਵਜੂਦ ਵੀ 19 ਰੂਟ ਚਾਲੂ ਕੀਤੇ ਗਏ ਹਨ।
ਸਰਕਾਰ ਨੂੰ ਇਸ ਤੋਂ ਬਿਹਤਰ ਰੈਵੇਨਿਊ ਦੀ ਉਮੀਦ ਹੈ। ਬੱਸਾਂ ਦੀ ਬੁਕਿੰਗ 6 ਮਹੀਨੇ ਪਹਿਲਾਂ ਵੀ ਕਰਵਾਈ ਜਾ ਸਕਦੀ ਹੈ ਅਤੇ ਕਿਸੇ ਕਾਰਨ ਰੂਟ ਕੈਂਸਲ ਕਰਨਾ ਪੈਂਦਾ ਹੈ ਤਾਂ ਸਵਾਰੀ ਨੂੰ 24 ਘੰਟੇ ਵਿਚ ਪੂਰਾ ਕਿਰਾਇਆ ਵਾਪਸ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਨਿੱਜੀ ਬੱਸਾਂ ਵਾਲੇ ਯਾਤਰੀਆਂ ਨੂੰ ਘਰ ਤੋਂ ਬੱਸ ਤੱਕ ਲਿਆਉਣ ਦੀ ਸਹੂਲਤ ਵੀ ਦਿੰਦੇ ਸਨ, ਪਰ ਸਰਕਾਰੀ ਬੱਸਾਂ ਵਿਚ ਅਜਿਹੀ ਸਹੂਲਤ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ ਤੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਕੀਤੀ। ਇਸ ਮੌਕੇ ਬੱਸ ਅੱਡੇ ‘ਤੇ ਹੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਵਿੱਚ ਅਜਿਹਾ ਮਾਹੌਲ ਪੈਦਾ ਕਰ ਰਹੀਆਂ ਹਨ ਕਿ ਜਿਸ ਤੋਂ ਲੱਗੇ ਕਿ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਸਲ ਵਿੱਚ ਸਾਰੇ ਗੈਂਗਸਟਰ ਪੰਜਾਬ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਹੀ ਪੈਦਾ ਕੀਤੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਸਾਰੇ ਅਨਸਰਾਂ ਨੂੰ ਫੜਿਆ ਜਾਵੇਗਾ ਅਤੇ ਰਾਜ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਦੀ ਸੁਰੱਖਿਆ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਇੱਕ ਮੰਤਰੀ ਦੀ ਗ੍ਰਿਫ਼ਤਾਰੀ ਨੇ ਅਫ਼ਸਰਸ਼ਾਹੀ ਅਤੇ ਜ਼ਮੀਨੀ ਪੱਧਰ ‘ਤੇ ਸਾਰਿਆਂ ਨੂੰ ਸੁਨੇਹਾ ਦਿੱਤਾ ਹੈ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਬੱਸ ਸੇਵਾ ਸ਼ੁਰੂ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਇਸ ਨਾਲ ਪਰਵਾਸੀ ਭਾਰਤੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਚੱਲਣ ਕਾਰਨ ਟਰਾਂਸਪੋਰਟ ਮਾਫੀਆ ਨੂੰ ਨੱਥ ਪਏਗੀ। ਮੁੱਖ ਮੰਤਰੀ ਨੇ ਆਰੋਪ ਲਾਇਆ ਕਿ ਸਾਬਕਾ ਮੁੱਖ ਮੰਤਰੀਆਂ, ਮੰਤਰੀਆਂ ਤੇ ਵਿਧਾਇਕਾਂ ਨੇ ਲੋਕਾਂ ਨੂੰ ਸਹੂਲਤ ਦੇਣ ਦੀ ਬਜਾਏ ਆਪਣੀਆਂ ਬੱਸਾਂ ਦੀ ਫਲੀਟ ਨੂੰ ਵਧਾਉਣ ਲਈ ਹੀ ਸਾਰਾ ਜ਼ੋਰ ਲਾਈ ਰੱਖਿਆ ਤੇ ਸਰਕਾਰੀ ਖ਼ਜ਼ਾਨੇ ਨੂੰ ਵੀ ਲੁੱਟਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਕਦਮ ਚੁੱਕੇਗੀ ਤੇ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ ਖ਼ਤਮ ਕਰੇਗੀ।
ਕਈ ਸ਼ਹਿਰਾਂ ਤੋਂ ਬੱਸਾਂ ਸਿੱਧੀਆਂ ਏਅਰਪੋਰਟ ਟਰਮੀਨਲ ਤੱਕ ਜਾਣਗੀਆਂ
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਰੋਜ਼ਾਨਾ ਸੱਤ ਵੋਲਵੋ ਬੱਸਾਂ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਲਈ ਚੱਲਣਗੀਆਂ। ਜਦਕਿ ਅਜਿਹੀਆਂ ਹੀ ਹੋਰ ਬੱਸਾਂ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਚੰਡੀਗੜ੍ਹ ਤੋਂ ਦਿੱਲੀ ਹਵਾਈ ਅੱਡੇ ਲਈ ਰੋਜ਼ਾਨਾ ਚੱਲਣਗੀਆਂ। ਜਿਸ ਨਾਲ ਵਿਦੇਸ਼ਾਂ ਤੋਂ ਆਉਣ ਅਤੇ ਵਿਦੇਸ਼ਾਂ ਨੂੰ ਜਾਣ ਵਾਲੇ ਪੰਜਾਬੀ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ, ਕਿਉਂਕਿ ਇਸ ਤੋਂ ਪਹਿਲਾਂ ਪ੍ਰਾਈਵੇਟ ਬੱਸ ਕੰਪਨੀਆਂ ਵੱਲੋਂ ਯਾਤਰੂਆਂ ਦੀ ਬਹੁਤ ਲੁੱਟ ਕੀਤੀ ਜਾਂਦੀ ਸੀ। ਪ੍ਰਾਈਵੇਟ ਬੱਸ ਕੰਪਨੀਆਂ ਵੱਲੋਂ ਵਸੂਲੇ ਜਾਂਦੇ ਕਿਰਾਏ ਨਾਲੋਂ ਵੀ ਅੱਧਾ ਕਿਰਾਇਆ ਇਨ੍ਹਾਂ ਸਰਕਾਰੀ ਬੱਸਾਂ ਵਿਚ ਲੱਗੇਗਾ। ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵੀ ਸੰਬੋਧਨ ਕੀਤਾ। ਦਿੱਲੀ ਦੇ ਟਰਾਂਸਪੋਰਟ ਮੰਤਰੀ ਨੇ ਗਹਿਲੋਤ ਨੇ ਸਪੱਸ਼ਟ ਕੀਤਾ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੀਆਂ ਵੋਲਵੋ ਬੱਸਾਂ ਸਿੱਧੀਆਂ ਏਅਰਪੋਰਟ ਟਰਮੀਨਲ ‘ਤੇ ਹੀ ਪੁੱਜਣਗੀਆਂ।

 

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …