14.3 C
Toronto
Wednesday, October 15, 2025
spot_img
Homeਭਾਰਤਕਿਰਨ ਬੇਦੀ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਕਿਰਨ ਬੇਦੀ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ : ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਵੱਲੋਂ ਸਿੱਖ ਭਾਈਚਾਰੇ ਖਿਲਾਫ ਕੀਤੀ ਟਿੱਪਣੀ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਵਿੱਚ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਸਾਬਕਾ ਆਈਪੀਐੱਸ ਅਧਿਕਾਰੀ ਵੱਲੋਂ ਕੀਤੀ ਟਿੱਪਣੀ ‘ਤੇ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਰਨ ਬੇਦੀ ਨੂੰ ਸਿੱਖ ਇਤਿਹਾਸ ਪੜ੍ਹਨਾ ਚਾਹੀਦਾ ਹੈ ਤਾਂ ਜੋ ਉਸ ਨੂੰ ਪਤਾ ਲੱਗੇ ਕਿ ਸਿੱਖਾਂ ਨੇ ਅਬਦਾਲੀ ਦੇ ਰਾਜ ਵਿੱਚ ਔਰਤਾਂ ਨੂੰ ਬਚਾਉਣ ਲਈ ਅਤੇ ਧਾੜਵੀਆਂ ਨੂੰ ਰੋਕਣ ਲਈ ਕੀ ਕੁਝ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਧਾੜਵੀ ਭਾਰਤ ‘ਤੇ ਹਮਲਾ ਕਰਕੇ ਇੱਥੋਂ ਦਾ ਕੀਮਤੀ ਸਾਮਾਨ ਅਤੇ ਔਰਤਾਂ ਨੂੰ ਬਾਜ਼ਾਰਾਂ ਵਿੱਚ ਵੇਚਣ ਲਈ ਲੈ ਜਾਂਦੇ ਸਨ ਤਾਂ ਲੋਕਾਂ ਦੀ ਰਖਵਾਲੀ ਲਈ ਸਦਾ ਤੱਤਪਰ ਰਹਿਣ ਵਾਲੇ ਸਿੰਘ ਰਾਤ 12 ਵਜੇ ਧਾੜਵੀਆਂ ‘ਤੇ ਹਮਲਾ ਕਰ ਕੇ ਲੁੱਟ ਦਾ ਸਾਮਾਨ ਅਤੇ ਔਰਤਾਂ ਨੂੰ ਛੁਡਵਾ ਕੇ ਉਨ੍ਹਾਂ ਨੂੰ ਸੁਰੱਖਿਅਤ ਘਰਾਂ ਵਿੱਚ ਪਹੁੰਚਾਉਂਦੇ ਸਨ। ਉਨ੍ਹਾਂ ਕਿਹਾ ਕਿ ਕਿਰਨ ਬੇਦੀ ਪੰਜਾਬ ਦੀ ਜੰਮਪਲ ਹੈ ਅਤੇ ਉਸ ਨੂੰ ਸਿੱਖਾਂ ਦੇ ਇਤਿਹਾਸ ਬਾਰੇ ਪਤਾ ਹੋਣਾ ਚਾਹੀਦਾ ਹੈ। ਪਰ ਉਸ ਵੱਲੋਂ ਸਿੱਖਾਂ ਖਿਲਾਫ ਕੀਤੀ ਟਿੱਪਣੀ ਹੈਰਾਨੀਜਨਕ ਤੇ ਸ਼ਰਮਨਾਕ ਹੈ, ਇਸ ਨੇ ਪੂਰੀ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ‘ਆਪ’ ਦੇ ਵੱਖ-ਵੱਖ ਆਗੂਆਂ ਵੱਲੋਂ ਵੀ ਕਿਰਨ ਬੇਦੀ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਕਿਰਨ ਬੇਦੀ ਨੇ ਸੋਸ਼ਲ ਮੀਡੀਆ ‘ਤੇ ਹੋਈ ਇਸ ਗ਼ਲਤੀ ਲਈ ਮੁਆਫ਼ੀ ਵੀ ਮੰਗ ਲਈ ਹੈ।

RELATED ARTICLES
POPULAR POSTS