ਕੇਂਦਰ ਸਰਕਾਰ ਤੇ ਈਡੀ ਅੱਗੇ ਨਹੀਂ ਝੁਕੇਗੀ ਕਾਂਗਰਸ : ਵੜਿੰਗ
ਸੰਗਰੂਰ/ਬਿਊਰੋ ਨਿਊਜ਼ : ਰਾਹੁਲ ਗਾਂਧੀ ਕੋਲੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਖਫਾ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਜਾਂਚ ਏਜੰਸੀਆਂ ਰਾਹੀਂ ਕਾਂਗਰਸੀ ਆਗੂਆਂ ਨੂੰ ਡਰਾਉਣਾ-ਧਮਕਾਉਣਾ ਬੰਦ ਕਰੇ, ਜੇਕਰ ਅਜਿਹਾ ਨਾ ਹੋਇਆ ਤਾਂ ਸਮੁੱਚੇ ਕਾਂਗਰਸੀ ਵਰਕਰ ਸੜਕਾਂ ‘ਤੇ ਉਤਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੰਗਰੂਰ ਵਿਖੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੇ ਗ੍ਰਹਿ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਾਂ ਅੰਗਰੇਜ਼ਾਂ ਅੱਗੇ ਨਹੀਂ ਝੁਕੀ ਤੇ ਭਾਜਪਾ ਅੱਗੇ ਝੁਕਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਦੀ ਭਾਜਪਾ ਸਰਕਾਰ ਦੇ ਜਬਰ ਖਿਲਾਫ ਲੜਦੀ ਰਹੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਭਾਜਪਾ ਨੇ ਦੇਸ਼ ਵਿੱਚ ਕਿਸੇ ਵੀ ਆਵਾਜ਼ ਨੂੰ ਦਬਾਉਣਾ ਹੁੰਦਾ ਹੈ ਤਾਂ ਉਸ ਪਿੱਛੇ ਜਾਂਚ ਏਜੰਸੀਆਂ ਲਗਾ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਡਰਦਾ ਚੁੱਪ ਹੋ ਜਾਵੇ ਜਾਂ ਫ਼ਿਰ ਉਨ੍ਹਾਂ ਦੇ ਨਾਲ ਰਲ ਜਾਵੇ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਪਾਕਿਸਤਾਨ ਵਿੱਚ ਤਾਨਾਸ਼ਾਹੀ ਰਾਜ ਚੱਲ ਰਿਹਾ ਹੈ, ਉਸੇ ਤਰਜ਼ ‘ਤੇ ਅੱਜ ਹਿੰਦੋਸਤਾਨ ਵਿਚ ਭਾਜਪਾ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਦੇਸ਼ ਵਿਚ ਅਜਿਹੇ ਹਾਲਾਤ ਪੈਦਾ ਹੋਣੇ ਗੰਭੀਰ ਚਿੰਤਾ ਦਾ ਵਿਸ਼ਾ ਹੈ। ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ‘ਤੇ ਰਾਹੁਲ ਗਾਂਧੀ ਨੂੰ ਬੇਲੋੜੀ ਜਾਂਚ ਵਿਚ ਉਲਝਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਅਸ਼ਵਨੀ ਸੇਖੜੀ, ਚੌਧਰੀ ਵਿਕਰਮਜੀਤ ਸਿੰਘ ਆਦਿ ਆਗੂ ਮੌਜੂਦ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …