-4.1 C
Toronto
Saturday, December 20, 2025
spot_img
Homeਪੰਜਾਬਬਹੁਗਿਣਤੀਆਂ ਨੂੰ ਖੁਸ਼ ਕਰਨ ਲਈ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ...

ਬਹੁਗਿਣਤੀਆਂ ਨੂੰ ਖੁਸ਼ ਕਰਨ ਲਈ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ : ਜਥੇਦਾਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਬਹੁਗਿਣਤੀ ਵੋਟਾਂ ਦੀ ਰਾਜਨੀਤੀ ਕਾਰਨ ਸਰਕਾਰਾਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀਆਂ।
ਉਨ੍ਹਾਂ ਇਸ ਮਾਮਲੇ ਵਿੱਚ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਸ੍ਰੀ ਅਕਾਲ ਤਖਤ ਸਾਹਿਬ ‘ਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਸੰਬੋਧਨ ਕਰ ਰਹੇ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇਥੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਦੇ ਭੋਗ ਵੀ ਪਾਏ ਗਏ ਤੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਵੀ ਕੀਤਾ।
ਇਸ ਸਮਾਗਮ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਗੁਰੂ ਨੇ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਈ ਸਮੇਂ 52 ਹਿੰਦੂ ਰਾਜਿਆਂ ਨੂੰ ਵੀ ਆਪਣੇ ਨਾਲ ਰਿਹਾਅ ਕਰਵਾਇਆ ਸੀ, ਇਸੇ ਕਰਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ, ਪਰ ਅੱਜ ਉਸੇ ਗੁਰੂ ਦੇ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ‘ਤੇ ਵੀ ਜੇਲ੍ਹਾਂ ‘ਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬਹੁਗਿਣਤੀਆਂ ਨੂੰ ਖ਼ੁਸ਼ ਕਰਨ ਕਰ ਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਕੌਮ ਨੂੰ ਇਕੱਠਿਆਂ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕੱਲੇ ਇਕੱਲੇ ਰਹਾਂਗੇ, ਤਾਂ ਸਿੱਖ ਮਸਲਿਆਂ ਦਾ ਹੱਲ ਕਰਨਾ ਔਖਾ ਹੋਵੇਗਾ। ਉਨ੍ਹਾਂ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਦੱਸੇ ਰਾਹ ‘ਤੇ ਚੱਲਣ ਲਈ ਪ੍ਰੇਰਿਆ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ।
ਇਥੇ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਸਬੰਧੀ ਕੀਤੀ ਪਹਿਲਕਦਮੀ ਮਗਰੋਂ ਸ਼੍ਰੋਮਣੀ ਕਮੇਟੀ ਨੇ 11 ਮੈਂਬਰੀ ਸਾਂਝੀ ਕਮੇਟੀ ਬਣਾਈ ਸੀ, ਜਿਸ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਵਾਸਤੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ, ਪਰ ਹਾਲੇ ਤੱਕ ਉਨ੍ਹਾਂ ਨੂੰ ਕਿਸੇ ਵੱਲੋਂ ਵੀ ਉੱਤਰ ਨਹੀਂ ਮਿਲਿਆ ਹੈ।

RELATED ARTICLES
POPULAR POSTS