0.7 C
Toronto
Tuesday, February 10, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ

ਅਧਿਕਾਰੀਆਂ ਨੂੰ ਮੁੱਦਾ ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਸ਼ਾਮਲ ਕਰਨ ਦੀ ਹਦਾਇਤ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 18 ਸਾਲਾਂ ਤੋਂ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੇ ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ। ਯੂਨੀਅਨ ਆਗੂ ਅਜਮੇਰ ਔਲਖ ਤੇ ਮਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ ਦਾ ਵੇਰਵਾ ਆਪਣੇ ਸਾਥੀਆਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਕੱਚੇ ਅਧਿਆਪਕਾਂ ਨਾਲ ਮੁਹਾਲੀ ਧਰਨੇ ਦੌਰਾਨ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ 18 ਸਾਲਾਂ ਤੋਂ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਝੱਲਦੇ ਹੋਏ ਆਪਣੀਆਂ ਸੇਵਾਵਾਂ ਨਿਭਾਅ ਰਹੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਜਲਦੀ ਪੱਕਾ ਕਰਕੇ ਉਨ੍ਹਾਂ ਨੂੰ ਰਾਹਤ ਦੀ ਖਬਰ ਦਿੱਤੀ ਜਾਵੇ। ਅਧਿਆਪਕਾਂ ਦੀ ਗੱਲ ਸੁਣਨ ਮਗਰੋਂ ਮੁੱਖ ਮੰਤਰੀ ਪੰਜਾਬ ਨੇ ਉਸੇ ਵੇਲੇ ਮੌਜੂਦ ਅਫਸਰਾਂ ਨੂੰ ਹਦਾਇਤ ਕੀਤੀ ਕਿ ਕੱਚੇ ਅਧਿਆਪਕਾਂ ਦਾ ਮੁੱਦਾ ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਸ਼ਾਮਲ ਕੀਤਾ ਜਾਵੇ।
ਜਾਣਕਾਰੀ ਅਨੁਸਾਰ ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਹਾਲੀ ਧਰਨੇ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬੇ ਭਰ ਵਿੱਚੋਂ ਕੱਚੇ ਅਧਿਆਪਕ ਇਕੱਠੇ ਹੋਏ ਸਨ। ਇਸ ਮੌਕੇ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਮੁੱਖ ਮੰਤਰੀ ਦੇ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਸਾਹਮਣੇ ਗੱਲ ਰਹੀ ਜਾਵੇਗੀ। ਜਲੰਧਰ ਪ੍ਰਸ਼ਾਸਨ ਨਾਲ ਜਥੇਬੰਦੀ ਦੇ ਆਗੂਆਂ ਦੀ ਪਹਿਲਾਂ ਤੋਂ ਚੱਲ ਰਹੀ ਗੱਲਬਾਤ ਦੌਰਾਨ ਪ੍ਰਸ਼ਾਸਨ ਨੇ ਯੂਨੀਅਨ ਆਗੂ ਅਜਮੇਰ ਔਲਖ ਤੇ ਮਨਪ੍ਰੀਤ ਸਿੰਘ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਈ।

 

 

RELATED ARTICLES
POPULAR POSTS