Breaking News
Home / ਪੰਜਾਬ / ਸ਼ਰਾਬ ਸਸਤੀ ਕਰ ਕੇ ਪੰਜਾਬ ਨਹੀਂ ਚੱਲ ਸਕਦਾ : ਸੁਨੀਲ ਜਾਖੜ

ਸ਼ਰਾਬ ਸਸਤੀ ਕਰ ਕੇ ਪੰਜਾਬ ਨਹੀਂ ਚੱਲ ਸਕਦਾ : ਸੁਨੀਲ ਜਾਖੜ

ਪੰਜਾਬ ਵਿੱਚ ਵਿਕਾਸ ਲਈ ਭਾਜਪਾ ਲਿਆਉਣ ਦੀ ਕੀਤੀ ਵਕਾਲਤ
ਮੋਗਾ : ਭਾਜਪਾ ਆਗੂ ਸੁਨੀਲ ਜਾਖੜ ਨੇ ਮੋਗਾ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਸ਼ਾਮਲ ਹੋਏ। ਉਨ੍ਹਾਂ ਆਮ ਆਦਮੀਂ ਪਾਰਟੀ ‘ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਖਤਰੇ ਵਿੱਚ ਹੈ ਅਤੇ ਸਿਰਫ ਭਾਜਪਾ ਸਰਕਾਰ ਹੀ ਪੰਜਾਬ ਦਾ ਭਲਾ ਅਤੇ ਵਿਕਾਸ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਨਰਿੰਦਰ ਮੰਤਰੀ ਮੋਦੀ ਪੰਜਾਬ ਦਾ ਭਲਾ ਚਾਹੁੰਦੇ ਹਨ। ਜਾਖੜ ਨੇ ‘ਆਪ’ ਸਰਕਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਸਸਤੀ ਸ਼ਰਾਬ ਵੇਚ ਕੇ ਪੰਜਾਬ ਨੂੰ ਨਹੀਂ ਚਲਾਇਆ ਜਾ ਸਕਦਾ। ਇੱਥੇ ਸਨਅਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ। ਇੰਨੀ ਵੱਡੀ ਰਕਮ ਕਿੱਥੋਂ ਆਵੇਗੀ? ਉਨ੍ਹਾਂ ਕਿਹਾ ਕਿ ਲਾਰਿਆਂ ਨਾਲ ਕੰਮ ਨਹੀਂ ਚੱਲ ਸਕਦੇ। ਸੂਬੇ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿ ਵੀ ਚੁੱਕੇ ਹਨ ਕਿ ਪਾਣੀ ਸਿਰ ਤੋਂ ਨਹੀਂ ਲੰਘਣ ਦਿੱਤਾ ਜਾਵੇਗਾ। ਜਾਖੜ ਨੇ ਕਿਹਾ ਕਿ ਅਕਾਲੀਆਂ ਨੇ ਚਿੱਟੇ ਨਾਲ ਨੌਜਵਾਨ ਵਰਗ ਦਾ ਘਾਣ ਕੀਤਾ ਹੈ। ਕਾਂਗਰਸ ਬਾਰੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਤਾਂ ਆਪਣੀ ਹੋਂਦ ਬਚਾਉਣ ਲਈ ਲੜ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਤਰਲੋਚਨ ਸਿੰਘ ਗਿੱਲ, ਜਗਤਾਰ ਸਿੰਘ ਰਾਜਿਆਣਾ, ਬਲਵਿੰਦਰਪਾਲ ਸਿੰਘ ਹੈਪੀ ਬੱਧਨੀ ਤੇ ਐੱਸਪੀ ਮੁਖਤਿਆਰ ਸਿੰਘ ਨੇ ਵੀ ਸੰਬੋਧਨ ਕੀਤਾ।
ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਭਾਜਪਾ ‘ਚ ਸ਼ਾਮਲ
ਫਿਰੋਜ਼ਪੁਰ : ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਈ। ਇਸ ਮੌਕੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਮੌਜੂਦ ਸਨ। ਸਤਿਕਾਰ ਕੌਰ ਗਹਿਰੀ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ। ਸਾਬਕਾ ਵਿਧਾਇਕਾ ਗਹਿਰੀ ਨੇ ਲੋਕ ਸਭਾ ਹਲਕੇ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਸਤਿਕਾਰ ਕੌਰ ਗਹਿਰੀ ਦੀ ਟਿਕਟ ਕੱਟ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਆਸ਼ੂ ਬਾਂਗੜ ਨੂੰ ਦਿੱਤੀ ਸੀ।

Check Also

ਮੁੱਖ ਮੰਤਰੀ  ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …