ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮਾਰਕ ਬਾਹਰ ਲੱਗੇ ਕਾਊਂਟਰ ਹਟਾਉਣ ਦੀ ਕੀਤੀ ਮੰਗ
ਜਲੰਧਰ : ਜੱਲ੍ਹਿਆਂਵਾਲਾ ਬਾਗ ਦੇ ਮੁੱਖ ਦੁਆਰ ਨੇੜੇ ਲੱਗੀਆਂ ਟਿਕਟ ਖਿੜਕੀਆਂ ਅਤੇ ਨਿੱਜੀ ਭਾਈਵਾਲੀ ਨਾਲ ਦਾਖਲਾ ਫੀਸ ਲਾਗੂ ਕਰਨ ਦੀਆਂ ਤਿਆਰੀਆਂ ਦੇ ਖਦਸ਼ੇ ਉੱਭਰਨ ਮਗਰੋਂ ਦੇਸ਼ ਭਗਤ ਯਾਦਗਾਰ ਕਮੇਟੀ ਨੇ ਇਸ ਨੂੰ ਵਾਅਦਾ-ਖਿਲਾਫ਼ੀ ਕਰਾਰ ਦਿੰਦਿਆਂ ਰੋਸ ਦਾ ਪ੍ਰਗਟਾਵਾ ਕੀਤਾ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ਹੇਠ ਸਥਾਨਕ ਲੋਕ-ਪੱਖੀ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਇੱਕ ਵਫਦ 16 ਜੂਨ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਿਲ ਕੇ ਯਾਦ ਪੱਤਰ ਦੇਵੇਗਾ। ਵਫਦ ਇਹ ਮੰਗ ਕਰੇਗਾ ਕਿ ਆਜ਼ਾਦੀ ਸੰਗਰਾਮ ਦੀ ਮਹਾਨ ਇਤਿਹਾਸਕ ਵਿਰਾਸਤ ਨਾਲ ਛੇੜਛਾੜ ਅਤੇ ਨਿੱਜੀ ਕੰਪਨੀਆਂ ਰਾਹੀਂ ਦਾਖ਼ਲਾ ਫੀਸ ਲਾਗੂ ਕਰਨ ਵਰਗੇ ਕਦਮ ਚੁੱਕਣੇ ਬੰਦ ਕੀਤੇ ਜਾਣ ਅਤੇ ਸ਼ਹੀਦੀ ਸਥਾਨ ਦਾ ਮੂਲ ਸਰੂਪ ਬਹਾਲ ਕੀਤਾ ਜਾਵੇ। ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਯਾਦ ਪੱਤਰ ‘ਚ ਮੰਗ ਕੀਤੀ ਜਾਵੇਗੀ ਕਿ ਸਭਿਆਚਾਰਕ ਮੰਤਰਾਲਾ, ਪੁਰਾਤੱਤਵ ਵਿਭਾਗ, ਕੇਂਦਰੀ ਹਕੂਮਤ ਅਤੇ ਜੱਲ੍ਹਿਆਂਵਾਲਾ ਬਾਗ਼ ਟਰੱਸਟ ਤੁਰੰਤ ਜਨਤਕ ਤੌਰ ‘ਤੇ ਐਲਾਨ ਕਰੇ ਕਿ ਦਾਖਲਾ ਫੀਸ ਨਹੀਂ ਲਗਾਈ ਜਾਵੇਗੀ। ਕਮੇਟੀ ਨੇ ਇਹ ਵੀ ਐਲਾਨ ਕੀਤਾ ਹੈ ਕਿ 19 ਜੂਨ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ ਹਾਲ ‘ਚ ਬੋਰਡ ਆਫ ਟਰੱਸਟ ਦੀ ਹੋ ਰਹੀ ਮੀਟਿੰਗ ‘ਚ ਅਗਲੀ ਸਰਗਰਮੀ ਬਾਰੇ ਵਿਚਾਰ ਕੀਤਾ ਜਾਵੇਗਾ। ਕਮੇਟੀ ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ 16 ਨਵੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਕੇ ਪੰਜਾਬ ਦੇ ਰਾਜਪਾਲ ਨੂੰ ਭੇਜੇ ਗਏ ਮੰਗ-ਪੱਤਰ ਮਗਰੋਂ ਸਰਕਾਰ ਤੇ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਨੇ ਦਾਖਲਾ ਫੀਸ ਨਾਲ ਜਾਣ ਦਾ ਭਰੋਸਾ ਦਿੱਤਾ ਸੀ।
ਤਰਕਸ਼ੀਲ ਸੁਸਾਇਟੀ ਵੱਲੋਂ ਸੰਘਰਸ਼ ਦੀ ਚਿਤਾਵਨੀ
ਅੰਮ੍ਰਿਤਸਰ : ਤਰਕਸ਼ੀਲ ਸੁਸਾਇਟੀ ਦੇ ਆਗੂਆਂ ਨੇ ਮੀਟਿੰਗ ਕਰਕੇ ਜੱਲ੍ਹਿਆਂਵਾਲਾ ਬਾਗ ਵਿੱਚ ਦਾਖਲਾ ਟਿਕਟ ਲਾਉਣ ਦੀ ਸੰਭਾਵਨਾ ਅਤੇ ਇਸ ਦੇ ਮੂਲ ਸਰੂਪ ਨਾਲ ਛੇੜਛਾੜ ਕਰਨ ਦਾ ਸਖਤ ਵਿਰੋਧ ਕੀਤਾ ਹੈ। ਜਥੇਬੰਦੀ ਦੇ ਆਗੂਆਂ ਸੁਮੀਤ ਸਿੰਘ, ਜਸਪਾਲ ਸਿੰਘ ਬਾਸਰਕੇ, ਅਸ਼ਵਨੀ ਕੁਮਾਰ ਆਦਿ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਾਰਕ ‘ਤੇ ਦਾਖਲਾ ਟਿਕਟ ਲਾਉਣ ‘ਤੇ ਪੱਕੀ ਰੋਕ ਲਾਈ ਜਾਵੇ ਅਤੇ ਇਸ ਦੇ ਮੂਲ ਸਰੂਪ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਥੇ ਦਾਖਲਾ ਰਸਤੇ ਵਾਲੀ ਤੰਗ ਗਲੀ ‘ਚ ਨੱਚਦੇ-ਟੱਪਦੇ ਲੋਕਾਂ ਦੀਆਂ ਤਸਵੀਰਾਂ ਸਥਾਪਤ ਕਰਨ, ਸ਼ਹੀਦੀ ਖੂਹ ਦਾ ਮੂਲ ਸਰੂਪ ਵਿਗਾੜਨ, ਗੋਲੀ ਚਲਾਉਣ ਵਾਲੀ ਥਾਂ ਨੂੰ ਦਰਸਾਉਂਦੇ ਪਿੱਲਰ ਢਾਹੁਣ ਅਤੇ ਇੱਥੇ ਮਾਰੇ ਲੋਕਾਂ ਤੋਂ ਇਲਾਵਾ ਊਧਮ ਸਿੰਘ ਨੂੰ ਸ਼ਹੀਦ ਦਾ ਦਰਜਾ ਨਾ ਦੇਣ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਲੋਕ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਗਏ ਤਾਂ ਇਸ ਖਿਲਾਫ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਪੱਕਾ ਧਰਨਾ ਲਾਇਆ ਜਾਵੇਗਾ। ਆਗੂਆਂ ਨੇ ਨਾਮਵਰ ਨਾਟਕਕਾਰ ਗੁਰਸ਼ਰਨ ਭਾਅਜੀ ਦੇ ਜੱਦੀ ਘਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਉਥੇ ਅਜਾਇਬ ਘਰ ਸਥਾਪਤ ਕਰਨ ਦੀ ਮੰਗ ਕੀਤੀ ਹੈ।
ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ
ਅਟਾਰੀ : ਭਾਰਤ-ਪਾਕਿਸਤਾਨ ਦੀ ਸਾਂਝੀ ਚੌਂਕੀ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਮੁਲਕਾਂ ਦਰਮਿਆਨ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਭਾਰਤ-ਪਾਕਿ ਸਰਹੱਦ ‘ਤੇ ਹੁੰਦੀ ਰੀਟਰੀਟ ਸੈਰੇਮਨੀ ਪਹਿਲਾਂ ਭਾਰਤੀ ਸਮੇਂ ਅਨੁਸਾਰ ਸ਼ਾਮ ਨੂੰ 6 ਵਜੇ ਸ਼ੁਰੂ ਹੋ ਕੇ 6:30 ਵਜੇ ਸਮਾਪਤ ਹੁੰਦੀ ਸੀ ਪ੍ਰੰਤੂ ਹੁਣ ਨਵੇਂ ਸਮੇਂ ਅਨੁਸਾਰ ਝੰਡਾ ਉਤਾਰਨ ਦੀ ਇਹ ਰਸਮ 6:30 ਵਜੇ ਸ਼ੁਰੂ ਹੋ ਕੇ ਸ਼ਾਮੀਂ 7 ਵਜੇ ਸਮਾਪਤ ਹੋਇਆ ਕਰੇਗੀ। ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਸੈਲਾਨੀਆਂ ਨੂੰ ਅਪੀਲ ਹੈ ਕਿ ਉਹ ਨਿਰਧਾਰਤ ਕੀਤੇ ਸਮੇਂ ਅਨੁਸਾਰ ਪਹੁੰਚਣ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …