Breaking News
Home / ਪੰਜਾਬ / ਗ੍ਰਾਮ ਸਭਾਵਾਂ ਦੀ ਸੁਰਜੀਤੀ ਸਮਾਜਿਕ-ਆਰਥਿਕ ਤਬਦੀਲੀ ਲਈ ਜ਼ਰੂਰੀ : ਕੁਲਦੀਪ ਧਾਲੀਵਾਲ

ਗ੍ਰਾਮ ਸਭਾਵਾਂ ਦੀ ਸੁਰਜੀਤੀ ਸਮਾਜਿਕ-ਆਰਥਿਕ ਤਬਦੀਲੀ ਲਈ ਜ਼ਰੂਰੀ : ਕੁਲਦੀਪ ਧਾਲੀਵਾਲ

ਪੰਚਾਇਤ ਮੰਤਰੀ ਵੱਲੋਂ ਪੰਚਾਇਤਾਂ ਨੂੰ ਅਗਲੇ ਹਫਤੇ ‘ਚ ਗ੍ਰਾਮ ਸਭਾ ਇਜਲਾਸ ਕਰਾਉਣ ਦੇ ਨਿਰਦੇਸ਼
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਪੀਏਯੂ ਵਿੱਚ ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਦੇ ਮੁੱਦੇ ‘ਤੇ ਰੱਖੇ ਗਏ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਭਰ ਵਿੱਚ ਸਮੂਹ ਪੰਚਾਇਤ ਮੈਂਬਰਾਂ (ਪੰਚ ਅਤੇ ਸਰਪੰਚ) ਨੂੰ 15 ਤੋਂ 26 ਜੂਨ ਤੱਕ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਕਰਵਾਉਣ ਦਾ ਸੱਦਾ ਦਿੱਤਾ ਹੈ। ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਸੁਰਜੀਤੀ ‘ਤੇ ਜ਼ੋਰ ਦਿੰਦਿਆਂ ਧਾਲੀਵਾਲ ਨੇ ਐਲਾਨ ਕੀਤਾ ਕਿ ਇਨ੍ਹਾਂ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਜਾਣ ਵਾਲੇ ਸਾਰੇ ਪ੍ਰਸਤਾਵ ਅਤੇ ਮਤੇ ਸਰਕਾਰ ਵੱਲੋਂ ਪ੍ਰਵਾਨ ਕੀਤੇ ਜਾਣਗੇ ਤੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਵੱਲੋਂ ਨਿਰਧਾਰਿਤ ਕੀਤੇ ਗਏ ਵਿਕਾਸ ਕਾਰਜ ਪੂਰੇ ਕਰਨ ਲਈ ਸਮੇਂ ਸਿਰ ਲੋੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਮਿਸ਼ਨ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ ਤੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਪਿੰਡਾਂ ਵਿੱਚ ਸਮਾਜਿਕ ਤੇ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਸੂਬਾ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋ ਮਿਸ਼ਨ ਸ਼ੁਰੂ ਕੀਤੇ ਹਨ, ਜਿਨ੍ਹਾਂ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਬਚਾਉਣਾ ਅਤੇ ਰਾਜ ਵਿੱਚ ਗ੍ਰਾਮ ਸਭਾਵਾਂ ਦੀ ਸੁਰਜੀਤੀ ਕਰਨਾ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 5500 ਏਕੜ ਤੋਂ ਵੱਧ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ ਗਈ ਹੈ।
ਕੈਬਨਿਟ ਮੰਤਰੀ ਨੇ ਸੂਬੇ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀ ਹਾਲਤ ਵਿਗੜਨ ਲਈ ਪਿਛਲੀਆਂ ਸੂਬਾ ਸਰਕਾਰਾਂ ਦੀ ਆਲੋਚਨਾ ਕੀਤੀ ਤੇ ਇਨ੍ਹਾਂ ਨੂੰ ਸੁਰਜੀਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਗਾਂਹਵਧੂ ਸਰਪੰਚਾਂ, ਪੱਤਰਕਾਰਾਂ ਅਤੇ ਮਾਹਿਰਾਂ ਸਮੇਤ ਮੁੱਖ ਬੁਲਾਰਿਆਂ ਨੇ ਗ੍ਰਾਮ ਸਭਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ।

 

Check Also

ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ

‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ …