ਕੈਪਟਨ ਅਮਰਿੰਦਰ ਨੇ ਕਿਹਾ, ਕੇਂਦਰ ਸਰਕਾਰ ਅਗਨੀਪਥ ਯੋਜਨਾ ਦੀ ਮੁੜ ਕਰੇ ਸਮੀਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਅੱਜ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਰਹੇ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ ਅਤੇ ਭਾਗਲਪੂੁਰ-ਨਵੀਂ ਦਿੱਲੀ ਵਿਕਰਮਸ਼ਿਲਾ ਐਕਸਪ੍ਰੈਸ ਅਤੇ ਜੰਮੂ ਤਵੀ-ਗੁਹਾਟੀ ਐਕਸਪ੍ਰੈਸ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸੇ ਤਰ੍ਹਾਂ ਵਿਦਿਆਰਥੀਆਂ ਨੇ ਬੇਗੂਸਰਾਏ ਵਿੱਚ ਲਖਮੀਨੀਆ ਰੇਲਵੇ ਸਟੇਸ਼ਨ ਨੂੰ ਵੀ ਅੱਗ ਲਗਾ ਦਿੱਤੀ। ਇਸੇ ਦੌਰਾਨ ਦੇਸ਼ ਦੀਆਂ ਕਈ ਸਮਾਜਿਕ ਤੇ ਸਿਆਸੀ ਸੰਸਥਾਵਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਗਨੀਪਥ ਸਕੀਮ ਨੂੰ ਜਲਦੀ ਵਾਪਸ ਲਿਆ ਜਾਵੇ ਨਹੀਂ ਤਾਂ ਭਾਰਤ ਬੰਦ ਦਾ ਸੱਦਾ ਦਿੱਤਾ ਜਾਵੇਗਾ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰ ਸਰਕਾਰ ਦੀ ਨਵੀਂ ਅਗਨੀਪਥ ਯੋਜਨਾ ਨਾਲ ਸਹਿਮਤ ਨਹੀਂ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਕ ਸਿਪਾਹੀ ਲਈ ਚਾਰ ਸਾਲ ਦਾ ਵਕਤ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਦੀ ਇਸ ਸਕੀਮ ਸਬੰਧੀ ਕੇਂਦਰ ਸਰਕਾਰ ਨੂੰ ਮੁੜ ਸਮੀਖਿਆ ਕਰਨੀ ਚਾਹੀਦੀ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ਸਰਕਾਰ ਦੇ ਅਗਨੀਪਥ ਯੋਜਨਾ ਤਹਿਤ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।