ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ
ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਮੰਗਲਵਾਰ ਨੂੰ ਉਨ੍ਹਾਂ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਤੋਂ ਬਾਅਦ ਕੋਰਟ ਨੇ ਸੁਣਵਾਈ ਨੂੰ 4 ਜੁਲਾਈ ਤੱਕ ਟਾਲ ਦਿੱਤਾ। ਇਸ ਦੌਰਾਨ ਡਾ. ਸਿੰਗਲਾ ਦੇ ਵਕੀਲ ਨੇ ਕਿਹਾ ਕਿ ਵਿਜੇ ਸਿੰਗਲਾ ਕੋਲੋਂ ਨਾ ਤਾਂ ਕੋਈ ਪੈਸਾ ਰਿਕਵਰ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਕੋਈ ਜੁਰਮ ਕਬੂਲਿਆ ਹੈ ਪ੍ਰੰਤੂ ਫਿਰ ਵੀ ਪਿਛਲੇ 1 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਉਹ ਜੇਲ੍ਹ ਵਿਚ ਬੰਦ ਹਨ। ਜਦਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ’ਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ ਹੈ, ਜਿਸ ’ਤੇ ਹਾਈ ਕੋਰਟ ਨੇ ਕਿਹਾ ਕਿ ਸਰਕਾਰ ਦਾ ਪੱਖ ਦੇਖਣ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਮਾਮਲੇ ਦੀ ਅਗਵਾਈ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਧਿਆਨ ਰਹੇ ਕਿ ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਵਿਚ ਹੋਣ ਕੰਮਾਂ ਬਦਲੇ 1 ਫੀਸਦੀ ਕਮਿਸ਼ਨ ਮੰਗਣ ਦੇ ਆਰੋਪ ਵਿਚ ਗਿ੍ਰਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।