ਪਾਕਿਸਤਾਨ ’ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਅਫਗਾਨਿਸਤਾਨ ਵਿਚ ਅੱਜ ਸਵੇਰੇ ਆਏ ਭੂਚਾਲ ਕਾਰਨ ਇਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ ਅਤੇ 1500 ਤੋਂ ਵੱਧ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਇਸੇ ਦੌਰਾਨ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ’ਚ 50 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੂਚਾਲ ਅਫਗਾਨਿਸਤਾਨ ਦੇ ਸਥਾਨਕ ਸਮੇਂ ਮੁਤਾਬਕ ਅੱਧੀ ਰਾਤ ਤੋਂ ਬਾਅਦ ਕਰੀਬ ਦੋ ਵਜੇ ਆਇਆ। ਪਾਕਿਸਤਾਨ ਦੇ ਪੇਸ਼ਾਵਰ, ਇਸਲਾਮਾਬਾਦ ਅਤੇ ਲਾਹੌਰ ਦੇ ਕਈ ਹਿੱਸਿਆਂ ਅਤੇ ਖੈਬਰ-ਪਖਤੂਨਖਵਾ ਸੂਬਿਆਂ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।