ਵੋਟਿੰਗ ਅਮਲਾ ਪਹੁੰਚਿਆ ਪੋਲਿੰਗ ਸਟੇਸ਼ਨਾਂ ’ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਭਲਕੇ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ ਵੋਟਿੰਗ ਕਰਵਾਉਣ ਵਾਲਾ ਅਮਲਾ ਵੋਟਿੰਗ ਮਸ਼ੀਨਾਂ ਲੈ ਕੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਵੀ ਗਿਆ ਹੈ ਅਤੇ ਪ੍ਰਸ਼ਾਸਨ ਵਲੋਂ ਵੋਟਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਸਦ ਮੈਂਬਰੀ ਤੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੀ। ਸੰਗਰੂਰ ਲੋਕ ਸਭਾ ਸੀਟ ਲਈ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਣਾ ਹੈ। ਦਿੱਲੀ ਅਤੇ ਪੰਜਾਬ ਵਿਚ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਕੋਲ ਸਿਰਫ ਇਕ ਹੀ ਸੰਗਰੂਰ ਲੋਕ ਸਭਾ ਸੀਟ ਸੀ ਅਤੇ ਇਸ ਸੀਟ ’ਤੇ ਜਿੱਤ ਹਾਸਲ ਕਰਨਾ ‘ਆਪ’ ਲਈ ਵੱਕਾਰ ਦਾ ਸਵਾਲ ਬਣਿਆ ਹੋਇਆ ਹੈ। ਇਹ ਤਾਂ ਹੁਣ 26 ਨੂੰ ਜੂਨ ਹੀ ਪਤਾ ਲੱਗ ਸਕੇਗਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ’ਚ ਕਿਹੜੀ ਪਾਰਟੀ ਜਿੱਤ ਹਾਸਲ ਕਰਦੀ ਹੈ।