ਹਰਜਿੰਦਰ ਸਿੰਘ ਧਾਮੀ ਨੇ ਕਿਹਾ, ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦਾ ਹਵਾਈ ਖਰਚ ਅਸੀਂ ਚੁੱਕਾਂਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀ ਮੱਦਦ ਕਰਨ ਦਾ ਐਲਾਨ ਕੀਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਤੋਂ ਜੋ ਵੀ ਸਿੱਖ ਭਾਰਤ ਆਉਣਾ ਚਾਹੁੰਦਾ ਹੈ, ਉਸਦਾ ਹਵਾਈ ਖਰਚ ਸ਼ੋ੍ਰਮਣੀ ਕਮੇਟੀ ਚੁੱਕੇਗੀ। ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਤੁਰੰਤ ਮਨਜੂਰੀ ਦੇਵੇ। ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ, ਪਰ ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਜਿਨ੍ਹਾਂ ਕੋਲ ਆਉਣ-ਜਾਣ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਨੂੰ ਐਸਜੀਪੀਸੀ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਹ ਦਿੱਲੀ ਵਿਚ ਅਫਗਾਨ ਦੇ ਸਿੱਖਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਬਾਰੇ ਵਿਚ ਵੀ ਜਾਣਿਆ ਸੀ। ਉਨ੍ਹਾਂ ਕਿਹਾ ਕਿ ਸਾਰਾ ਸਿੱਖ ਭਾਈਚਾਰਾ ਅਫਗਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਲਈ ਚਿੰਤਤ ਹੈ। ਧਾਮੀ ਹੋਰਾਂ ਕਿਹਾ ਕਿ ਅਫਗਾਨਿਸਤਾਨ ਦੇ ਸਿੱਖਾਂ ਲਈ ਘਰ ਅਤੇ ਕਾਰੋਬਾਰ ਛੱਡ ਕੇ ਆਉਣਾ ਅਸਾਨ ਨਹੀਂ ਹੈ, ਪਰ ਉਹ ਆਪਣੇ ਹਾਲਾਤ ਤੋਂ ਬੇਵਸ ਹਨ। ਇਸਦੇ ਚੱਲਦਿਆਂ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਫਗਾਨਿਸਤਾਨ ਵਿਚ ਹਰ ਸਿੱਖ ਦੇ ਲਈ ਹਰ ਸੰਭਵ ਯਤਨ ਕੀਤੇ ਜਾਣ, ਏਨਾ ਹੀ ਨਹੀਂ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਵੀ ਦਿੱਤੀ ਜਾਵੇ।