Breaking News
Home / ਪੰਜਾਬ / ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ਼ ਉਠਣ ਲੱਗੀ ਆਵਾਜ਼

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ਼ ਉਠਣ ਲੱਗੀ ਆਵਾਜ਼

ਵਿਦਿਆਰਥੀ ਜਥੇਬੰਦੀਆਂ ਵਲੋਂ ਸੰਗਰੂਰ ‘ਚ ਸੂਬਾ ਪੱਧਰੀ ਰੋਸ ਰੈਲੀ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ ਦੇ ‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਦੀ ਅਗਵਾਈ ਹੇਠ ਸੰਗਰੂਰ ‘ਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੀਤੇ ਜਾ ਰਹੇ ਕੇਂਦਰੀਕਰਨ ਖਿਲਾਫ ਸੂਬਾ ਪੱਧਰੀ ਰੋਸ ਰੈਲੀ ਕੀਤੀ। ਉਪਰੰਤ ਉਨ੍ਹਾਂ ਸ਼ਹਿਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ‘ਮਿੱਠੀ ਧੁਨ ਰਬਾਬ ਦੀ, ਪੰਜਾਬ ਯੂਨੀਵਰਸਿਟੀ ਪੰਜਾਬ ਦੀ’ ਦੇ ਨਾਅਰੇ ਹੇਠ ਭਾਜਪਾ ਉਮੀਦਵਾਰ ਦੇ ਚੋਣ ਦਫਤਰ ਤੱਕ ਰੋਸ ਮਾਰਚ ਕੀਤਾ।
ਭਾਜਪਾ ਦੇ ਚੋਣ ਦਫ਼ਤਰ ਨੇੜੇ ਤਾਇਨਾਤ ਵੱਡੀ ਗਿਣਤੀ ਪੁਲੀਸ ਵੱਲੋਂ ਰੋਕੇ ਜਾਣ ‘ਤੇ ਵਿਦਿਆਰਥੀਆਂ ਨੇ ਉਥੇ ਹੀ ਧਰਨਾ ਲਾ ਕੇ ਸੂਬਾ ਅਤੇ ਕੇਂਦਰ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਜਪਾ ਉਮੀਦਵਾਰ ਦੇ ਮੁੱਖ ਚੋਣ ਦਫ਼ਤਰ ਦੇ ਆਲੇ-ਦੁਆਲੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਤਾਇਨਾਤ ਸਨ ਤੇ ਦਫ਼ਤਰ ਵੱਲ ਜਾਂਦੇ ਸਾਰੇ ਰਾਹਾਂ ‘ਤੇ ਨਾਕਾਬੰਦੀ ਕੀਤੀ ਹੋਈ ਸੀ।
ਰੋਸ ਮਾਰਚ ਵਾਲੇ ਰਾਹ ‘ਤੇ ਪੁਲਿਸ ਨੇ ਸੜਕ ‘ਤੇ ਟੇਢੇ ਕਰਕੇ ਟਰੱਕ ਖੜ੍ਹੇ ਕੀਤੇ ਹੋਏ ਸਨ ਤੇ ਪੁਲਿਸ ਮੁਲਾਜ਼ਮਾਂ ਦੀ ਤਿੰਨ ਪਰਤਾਂ ਦੀ ਮਨੁੱਖੀ ਕੰਧ ਤਾਇਨਾਤ ਕੀਤੀ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਭਰ ਤੋਂ ਪਹੁੰਚੇ ਵੱਡੀ ਗਿਣਤੀ ਵਿਦਿਆਰਥੀ ਸਥਾਨਕ ਬਨਾਸਰ ਬਾਗ਼ ਵਿੱਚ ਇਕੱਤਰ ਹੋਏ, ਜਿਥੋਂ ਰੋਸ ਰੈਲੀ ਕਰਦੇ ਹੋਏ ਇਹ ਵਿਦਿਆਰਥੀ ਭਾਜਪਾ ਦੇ ਚੋਣ ਦਫ਼ਤਰ ਨੇੜੇ ਪਹੁੰਚੇ ਤੇ ਧਰਨਾ ਲਾਇਆ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਿਸੇ ਵੀ ਸੂਰਤ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ ਸਗੋਂ ਪੰਜਾਬ ਯੂਨੀਵਰਸਿਟੀ ਦਾ ਇੰਟਰ ਸਟੇਟ ਬਾਡੀ ਕਾਰਪੋਰੇਟ ਦਾ ਦਰਜਾ ਤੋੜ ਕੇ ਇਸ ਨੂੰ ਪੰਜਾਬ ਦੀ ਸਟੇਟ ਯੂਨੀਵਰਸਿਟੀ ਬਣਾਉਣ ਦੇ ਲਈ ਮੰਗ ਜ਼ੋਰ-ਸ਼ੋਰ ਨਾਲ ਬੁਲੰਦ ਕੀਤੀ ਜਾਵੇਗੀ। ਸੂਬਾ ਸਰਕਾਰ ‘ਤੇ ਆਰੋਪ ਲਾਉਂਦਿਆਂ ਉਨ੍ਹਾਂ ਕਿਹਾ ਕਿ ‘ਵਰਸਿਟੀ ਦੇ ਕੇਂਦਰੀਕਰਨ ਦੇ ਮੁੱਦੇ ‘ਤੇ ਪੰਜਾਬ ਸਰਕਾਰ ਸਿਰਫ ਟਵੀਟਾਂ ਨਾਲ ਕੰਮ ਸਾਰ ਰਹੀ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਯੂਨੀਵਰਸਿਟੀ ਲਈ ਲੜ ਰਹੇ ਵਿਦਿਆਰਥੀਆਂ ਨੂੰ ਸਰਕਾਰ ਕਥਿਤ ਤੌਰ ‘ਤੇ ਕੁਟਵਾ ਰਹੀ ਹੈ ਤੇ ਮਗਰੋਂ ਸਿੱਖਿਆ ਮੰਤਰੀ ਟਵੀਟ ਕਰਕੇ ਖਹਿੜਾ ਛੁਡਾਉਣ ਦੀ ਕੋਸ਼ਿਸ਼ ਕਰਦੇ ਹਨ।
ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ‘ਆਪ’ ਸਰਕਾਰ ਠੋਸ ਨੀਤੀ ਅਖਤਿਆਰ ਕਰਨ ਦੀ ਥਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿਰਫ਼ ਪੱਤਰ ਲਿਖ ਕੇ ਸਾਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਫੌਰੀ ਹੱਲ ਨਾ ਕੀਤਾ ਤਾਂ ਮੋਰਚੇ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਚੀਫ ਖਾਲਸਾ ਦੀਵਾਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਵਿਰੋਧ
ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ‘ਤੇ ਸਖਤ ਇਤਰਾਜ਼ ਕੀਤਾ ਹੈ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਚਿੰਨ੍ਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਣਵੰਡੇ ਪੰਜਾਬ ਸਮੇਂ ਸਥਾਪਿਤ ਕੀਤੀ ਗਈ ਸੀ ਅਤੇ ਉਪਰੰਤ ਪੰਜਾਬੀਆਂ ਨੇ ਇਸ ਯੂਨੀਵਰਸਿਟੀ ਨੂੰ ਆਪਣੀ ਜ਼ਮੀਨ ਦੇ ਕੇ ਚੰਡੀਗੜ੍ਹ ਵਿਚ ਦੁਬਾਰਾ ਬਣਵਾਇਆ ਸੀ। ਜਿਸ ਦੇ ਵਿਕਾਸ ਵਿਚ ਪੰਜਾਬੀਆਂ ਵਲੋਂ ਆਪਣਾ ਭਰਵਾਂ ਯੋਗਦਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦਾ ਮਾਰਗ ਦਰਸ਼ਨ ਕਰਦੀ ਹੈ। ਯੂਨੀਵਰਸਿਟੀ ਕੇਂਦਰੀਕਰਨ ਨਾਲ ਪੰਜਾਬ ਦੇ ਕਈ ਕਾਲਜ ਕੇਂਦਰ ਦੇ ਕਾਰਜ ਪ੍ਰਬੰਧਾਂ ਹੇਠ ਚੱਲਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਤਜਵੀਜ਼ ਵਾਪਸ ਲੈਣੀ ਚਾਹੀਦੀ ਹੈ ਤਾਂ ਜੋ ਯੂਨੀਵਰਸਿਟੀ ਦੇ ਵਿਲਖਣ ਸਰੂਪ ਨੂੰ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਹਿਤੈਸ਼ੀਆਂ ਨੂੰ ਇਕੱਠੇ ਹੋ ਕੇ ਇਸ ਸੰਘਰਸ਼ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …