ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਅਗਨੀਪਥ ਯੋਜਨਾ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਭਰ ਵਿਚ ਡੀਸੀ ਦਫ਼ਤਰਾਂ ਅਤੇ ਐਸਡੀਐਮ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਪੁਤਲੇ ਫੂਕੇ ਅਤੇ ਜਮ ਨਾਅਰੇਬਾਜ਼ੀ ਕੀਤੀ। ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਅਗਨੀਪਥ ਯੋਜਨਾ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਹ ਯੋਜਨਾ ਦੇਸ਼ ਦੇ ਕਰੋੜਾਂ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀ ਸਰਕਾਰੀ ਨੌਕਰੀ ਦੀ ਗਾਰੰਟੀ ਦਾ ਹੱਕ ਵੀ ਖੋਂਹਦੀ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਖੜ੍ਹਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਾਂ ਮੌਕੇ ਸਰਕਾਰੀ ਉੱਚ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਅਗਨੀਪਥ ਯੋਜਨਾ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਕੇ ਇਸ ਤਹਿਤ ਕੀਤੀ ਜਾਣ ਵਾਲੀ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ।