ਪੰਜਾਬ ’ਚ 92 ਵਿਧਾਇਕ ਹੋਣ ਦੇ ਬਾਵਜੂਦ ਵੀ ਸੰਗਰੂਰ ਸੀਟ ਨਹੀਂ ਜਿੱਤ ਸਕੀ ‘ਆਪ’
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਆਪਣੀ ਇਕੋ ਇਕ ਸੰਗਰੂਰ ਲੋਕ ਸਭਾ ਸੀਟ ਵੀ ਗੁਆ ਲਈ ਹੈ। ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਜਿੱਥੇ ਲੋਕ ਸਭਾ ’ਚ ਨੁਮਾਇੰਦਗੀ ਖਤਮ ਹੋ ਗਈ, ਉਥੇ ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਫੇਲ੍ਹ ਹੋ ਗਈ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਸਾਲ 2014 ਦੀ ਚੋਣ ਵਿੱਚ ‘ਆਪ’ ਉਮੀਦਵਾਰ ਭਗਵੰਤ ਮਾਨ ਨੇ 2 ਲੱਖ 11 ਹਜ਼ਾਰ 721 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਸਾਲ 2019 ਦੀ ਚੋਣ ਮੌਕੇ ਭਗਵੰਤ ਮਾਨ ਨੇ ਮੁੜ 1 ਲੱਖ 10 ਹਜ਼ਾਰ 211 ਵੋਟਾਂ ਨਾਲ ਜਿੱਤ ਹਾਸਲ ਕੀਤੀ। ਲੰਘੇ ਫਰਵਰੀ ਮਹੀਨੇ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 92 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਈ ਅਤੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸੰਗਰੂਰ ਲੋਕ ਸਭਾ ਸੀਟ ਖਾਲੀ ਹੋਈ ਸੀ ਜਿੱਥੋਂ ਆਏ ਚੋਣ ਨਤੀਜਿਆਂ ਵਿੱਚ ‘ਆਪ’ ਉਮੀਦਵਾਰ ਦੀ ਹਾਰ ਹੋਣ ਨਾਲ ਪਾਰਟੀ ਦੀ ਲੋਕ ਸਭਾ ’ਚ ਨੁਮਾਇੰਦਗੀ ਖਤਮ ਹੋ ਗਈ ਹੈ। ਇਹ ਵੀ ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਮੌਕੇ ਸੰਗਰੂਰ ਲੋਕ ਸਭਾ ’ਚ ਪੈਂਦੇ 9 ਹਲਕਿਆਂ ਵਿਚ ਆਮ ਆਦਮੀ ਪਾਰਟੀ ਜੇਤੂ ਰਹੀ ਸੀ ਅਤੇ ਹੁਣ ਪਾਰਟੀ ਚਾਰ ਹਲਕਿਆਂ ਵਿਚੋਂ ਹਾਰ ਗਈ ਹੈ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਗੁਰਮੇਲ ਸਿੰਘ ਘਰਾਚੋਂ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ ਸੀ ਅਤੇ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਉਮੀਦਵਾਰ ਨੂੰ ਹਰਾ ਦਿੱਤਾ।