Breaking News
Home / ਪੰਜਾਬ / ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼

1 ਜੁਲਾਈ ਤੋਂ ਮਿਲੇਗੀ ਪੰਜਾਬ ਵਾਸੀਆਂ ਨੂੰ ਮੁਫਤ ਬਿਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ’ਤੇ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ ਪੰਜਾਬ ਵਿਧਾਨ ਸਭਾ ਦੀ ਗੈਲਰੀ ਵਿੱਚ ਮੌਜੂਦ ਰਹੇ। ਹਰਪਾਲ ਚੀਮਾ ਵਲੋਂ 1 ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਵਿਚ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਹ ਪਿਛਲੀ ਸਰਕਾਰ ਦੇ ਮੁਕਾਬਲੇ 48 ਫੀਸਦੀ ਜ਼ਿਆਦਾ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ 450 ਕਰੋੜ ਰੁਪਏ ਰੱਖੇ ਗਏ ਹਨ ਅਤੇ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਵੀ ਜਾਰੀ ਰਹੇਗੀ। ਖੇਤੀਬਾੜੀ ਸੈਕਟਰ ਲਈ 2022-23 ਲਈ 11,560 ਕਰੋੜ ਰੁਪਏ ਰੱਖੇ ਗਏ ਹਨ। ਸਿਹਤ ਲਈ 4731 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 24 ਫੀਸਦੀ ਜ਼ਿਆਦਾ ਹੈ। ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਮੁਤਾਬਕ ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, ਇਸਦੇ ਲਈ 77 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਹ ਮੁਹੱਲਾ ਕਲੀਨਿਕ ਆਉਂਦੀ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਹਰਪਾਲ ਸਿੰਘ ਚੀਮਾ ਨੇ ਦੱਸਿਆ ਪੰਜਾਬ ਦੇ ਵਾਸੀਆਂ ਨੂੰ ਆਉਂਦੀ ਇਕ ਜੁਲਾਈ ਤੋਂ ਮੁਫਤ ਬਿਜਲੀ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦਾ ਫੋਕਸ ਪੰਜਾਬ ਵਿਚ ਵਿਗੜਦੀ ਵਿੱਤੀ ਹਾਲਤ ਨੂੰ ਬਹਾਲ ਕਰਨਾ ਹੈ।

Check Also

ਵਿਧਾਇਕ ਵਿਕਰਮਜੀਤ ਚੌਧਰੀ ਕਾਂਗਰਸ ਪਾਰਟੀ ‘ਚੋਂ ਮੁਅੱਤਲ

ਪਾਰਟੀ ਖਿਲਾਫ ਬੋਲਣ ‘ਤੇ ਸਾਰੇ ਅਹੁਦਿਆਂ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਹਲਕਾ …