ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਆਖਰੀ ਦਿਨ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਗਿਆ। ਇਹ ਮਤਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹੜਾ ਮਤਾ ਅਸੀਂ ਪੇਸ਼ ਕਰ ਰਹੇ ਹਾਂ, ਕੇਂਦਰ ਤੋਂ ਭੀਖ ਨਹੀਂ ਮੰਗ ਰਹੇ ਕਿਉਂਕਿ ਪੰਜਾਬ ਯੂਨੀਵਰਸਿਟੀ ’ਤੇ ਸਾਡਾ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਕੇਂਦਰ ਨੂੰ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਕਰਨ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਦਿਅਕ ਅਦਾਰੇ ਦੇ ਨਾਲ-ਨਾਲ ਸਾਡੀ ਵਿਰਾਸਤ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ’ਤੇ ਵੀ ਸਾਡਾ ਹੱਕ ਹੈ। ਉਧਰ ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਮਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਤੇ ਨੂੰ ਵਿਧਾਨ ਸਭਾ ਵਿਚ ਲਿਆਉਣ ਦੀ ਕੋਈ ਲੋੜ ਹੀ ਨਹੀਂ ਸੀ ਅਤੇ ਮਤਾ ਲਿਆਉਣ ਤੋਂ ਪਹਿਲਾਂ ਸਿੱਖਿਆ ਮੰਤਰੀ ਨੂੰ ਇਸ ਬਾਰੇ ਸੋਚ ਲੈਣਾ ਚਾਹੀਦਾ ਸੀ। ਇਸ ਸਭ ਤੋਂ ਬਾਅਦ ਭਾਜਪਾ ਦੇ ਵਿਰੋਧ ਦੇ ਬਾਵਜੂਦ ਇਸ ਮਤੇ ਨੂੰ ਸਦਨ ਵਿਚ ਪਾਸ ਕਰ ਦਿੱਤਾ ਗਿਆ।