ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਉਨ੍ਹਾਂ ਨੂੰ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਹੈਰਾਨ ਕਰਨ ਵਾਲੇ ਘਟਨਾਕ੍ਰਮ ਦਰਮਿਆਨ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਐਲਾਨ ਕੀਤਾ ਸੀ ਕਿ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਫੜਨਵੀਸ ਅਤੇ ਸ਼ਿੰਦੇ ਦੀ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਹਾਲਾਂਕਿ ਉਸ ਸਮੇਂ ਤੱਕ ਕਿਆਸ ਲਗਾਏ ਜਾ ਰਹੇ ਸਨ ਕਿ ਏਕਨਾਥ ਦੀ ਅਗਵਾਈ ਵਾਲੇ ਬਾਗੀ ਸ਼ਿਵ ਸੈਨਾ ਵਿਧਾਇਕਾਂ ਦੇ ਸਮਰਥਨ ਨਾਲ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਨਾਥ ਸ਼ਿੰਦੇ ਅਤੇ ਦੇਵੇਂਦਰ ਫੜਨਵੀਸ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦਾ ਡਿਪਟੀ ਸੀਐਮ ਬਣਨ ‘ਤੇ ਬਣਾਈ ਅਤੇ ਉਹ ਹਰ ਭਾਜਪਾ ਵਰਕਰ ਲਈ ਪ੍ਰੇਰਨਾ ਹੈ। ਉਨ੍ਹਾਂ ਦਾ ਅਨੁਭਵ ਸਰਕਾਰ ਲਈ ਇਕ ਸੰਪਤੀ ਹੋਵੇਗੀ।