ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਹੈ ਕਿ ਰਾਸ਼ਟਰਪਤੀ ਭਵਨ ‘ਚ ਚੁਣ ਕੇ ਜਾਣ ਵਾਲਾ ਵਿਅਕਤੀ ਰਬੜ ਸਟੈਂਪ ਨਹੀਂ ਸਗੋਂ ਮਸਲਿਆਂ ‘ਤੇ ਵਿਚਾਰ ਕਰਕੇ ਬੋਲਣ ਵਾਲਾ ਹੋਣਾ ਚਾਹੀਦਾ ਹੈ।
ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਦੇ ਨਾਮਜ਼ਦਗੀ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੇਸ਼ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਖੁਦ ਆਪਣੇ ਕਾਗਜ਼ ਪੇਸ਼ ਕੀਤੇ ਸਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ”ਦੇਸ਼ ਨੂੰ ਅਜਿਹੇ ਰਾਸ਼ਟਰਪਤੀ ਦੀ ਲੋੜ ਹੈ ਜੋ ਸੰਵਿਧਾਨ ਦੀ ਨਿਰਪੱਖ ਰਹਿ ਕੇ ਰਾਖੀ ਕਰੇ। ਜਦੋਂ ਗਣਤੰਤਰ ਦੇ ਅਦਾਰੇ ਸੰਵਿਧਾਨਕ ਸਿਧਾਂਤਾਂ ਤੋਂ ਥਿੜਕਣ ਤਾਂ ਰਾਸ਼ਟਰਪਤੀ ਬਿਨਾਂ ਡਰ ਜਾਂ ਕਿਸੇ ਪੱਖਪਾਤ ਦੇ ਆਪਣੇ ਦਿਮਾਗ ਦੀ ਵਰਤੋਂ ਕਰੇ। ਮੈਂ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿੰਦਾ ਹਾਂ ਕਿ ਜੇਕਰ ਰਾਸ਼ਟਰਪਤੀ ਅਹੁਦੇ ਲਈ ਚੁਣਿਆ ਗਿਆ ਤਾਂ ਮੈਂ ਸੰਵਿਧਾਨ ਨਿਰਮਾਤਾਵਾਂ ਵੱਲੋਂ ਦਿਖਾਏ ਮਾਰਗ ‘ਤੇ ਚੱਲਾਂਗਾ।” ਸਾਬਕਾ ਕੇਂਦਰੀ ਮੰਤਰੀ ਨੇ ਅਗਨੀਪਥ ਯੋਜਨਾ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਪੇਸ਼ ਕਰਨ ਤੋਂ ਪਹਿਲਾਂ ਕੋਈ ਲੋੜੀਂਦਾ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੇ ਮਸਲੇ ਨਾਲ ਨਜਿੱਠਣ ਦਾ ਇਹ ਕੋਈ ਰਾਹ ਨਹੀਂ ਹੈ।