ਕਿਹਾ : ਕਿਸੇ ਵੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਅਜਨਾਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਅਮਰੀਕ ਸਿੰਘ ਅਜਨਾਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ, ਜਿਸ ਦੌਰਾਨ ਉਨ੍ਹਾਂ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਉਨ੍ਹਾਂ ਨੂੰ ਸੌਂਪ ਦਿੱਤੀ ਹੈ। ਅਮਰੀਕ ਸਿੰਘ ਅਜਨਾਲਾ ਨੇ ਅੱਗੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਾਂਚ ਦੌਰਾਨ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ। ਉਨ੍ਹਾਂ ਖਿਲਾਫ਼ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਮਰੀਕ ਸਿੰਘ ਅਜਨਾਲਾ ਨੇ ਇਹ ਵੀ ਦੱਸਿਆ ਕਿ ਕਲਿਆਣ ਪਿੰਡ ਵਿਚ ਜਿਹੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਉਸ ਮਾਮਲੇ ਵਿਚ ਕਾਰਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਹੀਨੇ ਦਾ ਸਮਾਂ ਮੰਗਿਆ ਹੈ।