ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ 1984 ਸਿੱਖ ਵਿਰੋਧੀ ਕਤਲੇਆਮ ਤੋਂ ਬਾਅਦ ਹੱਤਿਆ ਦੇ ਇਕ ਮਾਮਲੇ ‘ਚ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ‘ਚ ਮੁਕੱਦਮਾ ਜਾਰੀ ਹੈ। ਦੱਸਣਯੋਗ ਹੈ ਕਿ ਸੱਜਣ ਕੁਮਾਰ ਕਤਲੇਆਮ ਤੋਂ ਬਾਅਦ ਹੱਤਿਆ ਦੇ ਇਕ ਹੋਰ ਮਾਮਲੇ ‘ਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜਸਟਿਸ ਯੋਗੇਸ਼ ਖੰਨਾ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵਲੋਂ ਪਾਈ ਪਟੀਸ਼ਨ ‘ਤੇ ਸੱਜਣ ਕੁਮਾਰ ਨੂੰ ਨੋਟਿਸ ਜਾਰੀ ਕਰਕੇ ਉਸ ਦਾ ਜਵਾਬ ਮੰਗਿਆ ਹੈ। ਐਸ.ਆਈ.ਟੀ. ਨੇ ਆਪਣੀ ਪਟੀਸ਼ਨ ‘ਚ ਸਰਸਵਤੀ ਵਿਹਾਰ ਪੁਲਿਸ ਥਾਣੇ ‘ਚ ਦਰਜ ਕਤਲੇਆਮ ਅਤੇ ਹੱਤਿਆ ਦੇ ਮਾਮਲੇ ‘ਚ ਜ਼ਮਾਨਤ ਦੇਣ ਨੂੰ ਚੁਣੌਤੀ ਦਿੱਤੀ ਸੀ। ਕੇਂਦਰ ਸਰਕਾਰ ਦੇ ਸਟੈਂਡਿੰਗ ਵਕੀਲ ਅਜੈ ਦਿਗਪਾਲ ਰਾਹੀਂ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਕਿਹਾ ਕਿ ਸੱਜਣ ਕੁਮਾਰ ਇਕ ਘਿਨਾਉਣੇ ਅਪਰਾਧ ‘ਚ ਸ਼ਾਮਿਲ ਸੀ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਅਜੇ ਬਾਕੀ ਹੈ ਅਤੇ ਜੇ ਉਸ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਇਹ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ। ਅਦਾਲਤ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਉਪਰੋਕਤ ਨੂੰ ਧਿਆਨ ‘ਚ ਰੱਖਦਿਆਂ ਹੇਠਲੀ ਅਦਾਲਤ ਦੇ 27 ਅਪ੍ਰੈਲ ਦੇ ਆਦੇਸ਼ ‘ਤੇ ਰੋਕ ਰਹੇਗੀ। ਅਦਾਲਤ ਨੇ 15 ਜੁਲਾਈ ਤੱਕ ਸੱਜਣ ਕੁਮਾਰ ਤੋਂ ਜਵਾਬ ਮੰਗਿਆ ਹੈ। ਦੱਸਣਯੋਗ ਹੈ ਕਿ ਪਟੀਸ਼ਨ ‘ਚ ਹੇਠਲੀ ਅਦਾਲਤ ਦੇ 27 ਅਪ੍ਰੈਲ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ‘ਚ ਸੱਜਣ ਕੁਮਾਰ ਨੂੰ ਜ਼ਮਾਨਤ ਦਿੱਤੀ ਗਈ ਸੀ।