Breaking News
Home / Special Story / ਪੰਜਾਬ ਦੇ ਨਵੇਂ ਮੰਤਰੀਆਂ ਨੂੰ ਮਿਲੇ ਵਿਭਾਗ

ਪੰਜਾਬ ਦੇ ਨਵੇਂ ਮੰਤਰੀਆਂ ਨੂੰ ਮਿਲੇ ਵਿਭਾਗ

ਅਮਨ ਅਰੋੜਾ ਨੂੰ ਲੋਕ ਸੰਪਰਕ ਅਤੇ ਚੇਤਨ ਸਿੰਘ ਜੌੜਾ ਮਾਜਰਾ ਨੂੰ ਮਿਲਿਆ ਸਿਹਤ ਵਿਭਾਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਲੰਘੇ ਕੱਲ੍ਹ ਪੰਜਾਬ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਨਵੇਂ ਮੰਤਰੀਆਂ ਵਿਚ ਸ਼ਾਮਲ ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੂੰ ਲੋਕ ਸੰਪਰਕ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀਜ਼, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦਿੱਤਾ ਗਿਆ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਮੀਤ ਹੇਅਰ ਕੋਲੋਂ ਸਕੂਲੀ ਐਜੂਕੇਸ਼ਨ ਵਿਭਾਗ ਵਾਪਸ ਲੈ ਲਿਆ ਗਿਆ ਅਤੇ ਇਹ ਵਿਭਾਗ ਹੁਣ ਹਰਜੋਤ ਸਿੰਘ ਬੈਂਸ ਨੂੰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਕੈਬਨਿਟ ਪੰਜਾਬ ਦੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਨੌਜਵਾਨ ਕੈਬਨਿਟ ਹੈ। ਇਸ ਤੋਂ ਪਹਿਲਾਂ ਪੰਜਾਬ ਵਿਚ ਬਣੀਆਂ ਸਰਕਾਰਾਂ ਵਿਚ ਜ਼ਿਆਦਾਤਰ ਬਜ਼ੁਰਗ ਚਿਹਰਿਆਂ ਨੂੰ ਹੀ ਤਰਜੀਹ ਦਿੱਤੀ ਜਾਂਦੀ ਸੀ, ਪਰ ਭਗਵੰਤ ਮਾਨ ਨੇ ਇਸ ਵਾਰ ਨੌਜਵਾਨ ਚਿਹਰਿਆਂ ਨੂੰ ਮੰਤਰੀ ਬਣਾ ਕੇ ਨਵਾਂ ਇਤਿਹਾਸ ਸਿਰਜਿਆ ਹੈ।
ਇਸ ਦੌਰਾਨ ਜਿੱਥੇ ਨਵੇਂ ਮੰਤਰੀਆਂ ਨੂੰ ਵਿਭਾਗ ਦਿੱਤੇ ਗਏ ਹਨ, ਉੱਥੇ ਕਈ ਪੁਰਾਣੇ ਮੰਤਰੀਆਂ ਦੇ ਮਹਿਕਮਿਆਂ ਵਿੱਚ ਫੇਰਬਦਲ ਕੀਤਾ ਹੈ। ਮੀਤ ਹੇਅਰ ਤੋਂ ਸਿੱਖਿਆ ਵਿਭਾਗ ਵਾਪਸ ਲੈ ਕੇ ਹਰਜੋਤ ਬੈਂਸ ਨੂੰ ਦਿੱਤਾ ਹੈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਸਹਿਕਾਰਤਾ ਵਿਭਾਗ ਖ਼ੁਦ ਮੁੱਖ ਮੰਤਰੀ ਨੇ ਲੈ ਲਿਆ ਹੈ। ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਾਲੀ ਹੋਇਆ ਸਿਹਤ ਮਹਿਕਮਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਖੇਤੀਬਾੜੀ ਵਿਭਾਗ ਦੀ ਜ਼ਿੰਮੇਵਾਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਦਿੱਤੀ ਹੈ। ਨਵੇਂ ਬਣੇ ਪੰਜ ਮੰਤਰੀਆਂ ਵਿੱਚ ਅਮਨ ਅਰੋੜਾ ਨੂੰ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਘਰੇਲੂ ਤੇ ਸ਼ਹਿਰੀ ਵਿਕਾਸ ਅਤੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਜਲ ਸੰਭਾਲ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਹੀ ਨੂੰ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਅਤੇ ਪਰਿਵਾਰ ਭਲਾਈ, ਸਿਹਤ ਸਿੱਖਿਆ ਤੇ ਖੋਜ, ਚੋਣਾਂ ਅਤੇ ਨਵੀਂ ਕੈਬਨਿਟ ਮੰਤਰੀ ਬਣੀ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ‘ਚ ਵਿਭਾਗਾਂ ਦੀ ਫੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਖਜ਼ਾਨਾ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ ਅਤੇ ਕਰ ਤੇ ਆਬਕਾਰੀ ਵਿਭਾਗ ਰਹਿ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਸਿੱਖਿਆ ਵਿਭਾਗ ਜਾਣ ਤੋਂ ਬਾਅਦ ਉਨ੍ਹਾਂ ਨੂੰ ਹੁਣ ਪ੍ਰਸ਼ਾਸਨਿਕ ਸੁਧਾਰ, ਛਪਾਈ ਤੇ ਲਿਖਣ ਸਮੱਗਰੀ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ, ਖੇਡਾਂ ਤੇ ਨੌਜਵਾਨ ਸੇਵਾਵਾਂ ਅਤੇ ਉੱਚੇਰੀ ਸਿੱਖਿਆ ਵਿਭਾਗ ਦਿੱਤੇ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ, ਐੱਨਆਰਆਈ ਮਾਮਲੇ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਦੇ ਨਾਲ ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੂੰ ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਜੇਲ੍ਹ ਅਤੇ ਸਕੂਲ ਸਿੱਖਿਆ ਵਿਭਾਗ ਦਿੱਤਾ ਹੈ। ਇਸੇ ਤਰ੍ਹਾਂ ਡਾ. ਬਲਜੀਤ ਕੌਰ ਕੋਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ, ਕੈਬਨਿਟ ਮੰਤਰੀ ਹਰਭਜਨ ਸਿੰਘ ਕੋਲ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਿੱਤੇ ਗਏ ਹਨ। ਲਾਲ ਚੰਦ ਕਟਾਰੂਟਚੱਕ ਕੋਲ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮਾਲ, ਮੁੜ-ਵਸੇਬਾ ਅਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਜਲ ਸਰੋਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ।
ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੇ ਅਹੁਦੇ ਸੰਭਾਲੇ
ਨਵੇਂ ਮੰਤਰੀਆਂ ਨੇ ਇਮਾਨਦਾਰੀ ਨਾਲ ਕੰਮ ਕਰਨ ਦਾ ਅਹਿਦ ਲਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਵਿੱਚ ਕੀਤੇ ਗਏ ਵਾਧੇ ਤੋਂ ਬਾਅਦ ਸ਼ਾਮਲ ਹੋਏ ਪੰਜ ਨਵੇਂ ਮੰਤਰੀਆਂ ਵਿੱਚੋਂ ਡਾ. ਇੰਦਰਬੀਰ ਸਿੰਘ ਨਿੱਝਰ, ਚੇਤਨ ਸਿੰਘ ਜੌੜੇਮਾਜਰਾ, ਫੌਜਾ ਸਿੰਘ ਸਰਾਰੀ ਤੇ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਸੰਭਾਲ ਲਏ ਹਨ। ਇਸ ਮੌਕੇ ਨਵੇਂ ਮੰਤਰੀਆਂ ਨੇ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦਾ ਅਹਿਦ ਲਿਆ।
ਜਾਣਕਾਰੀ ਅਨੁਸਾਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ ਹੈ। ਡਾ. ਨਿੱਝਰ ਨੇ ਕਿਹਾ, ‘ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਲੋਕਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।’ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ।
ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀਆਂ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੀ ਯਤਨਸ਼ੀਲ ਹੈ।
ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕੋਈ ਉਸਾਰੂ ਨੀਤੀ ਨਹੀਂ ਅਪਣਾਈ। ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਤੇ ਮਾਨ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ।
ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲੀ, ਲਾਲ ਚੰਦ ਕਟਾਰੂਚੱਕ ਅਤੇ ਡਾ. ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿਚ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਪ੍ਰਮਾਤਮਾ ਕੋਲ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਨੇ ਬਹੁਤੇ ਵਿਭਾਗ ਹੋਰਨਾਂ ਮੰਤਰੀਆਂ ਨੂੰ ਵੰਡੇ
ਮੁੱਖ ਮੰਤਰੀ ਨੇ ਆਪਣੇ 27 ਵਿਭਾਗਾਂ ‘ਚੋਂ ਬਹੁਤੇ ਨਵੇਂ ਮੰਤਰੀਆਂ ਨੂੰ ਦੇ ਦਿੱਤੇ ਹਨ। ਮੁੱਖ ਮੰਤਰੀ ਕੋਲ ਹੁਣ ਦਰਜਨ ਦੇ ਕਰੀਬ ਵਿਭਾਗ ਰਹਿ ਗਏ ਹਨ। ਇਨ੍ਹਾਂ ‘ਚ ਸ਼ਹਿਰੀ ਹਵਾਬਾਜ਼ੀ, ਆਮ ਪ੍ਰਸ਼ਾਸਨ, ਪਰਸੋਨਲ, ਵਿਜੀਲੈਂਸ, ਉਦਯੋਗ ਅਤੇ ਵਣਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਸਹਿਕਾਰਤਾ ਤੇ ਪ੍ਰਹੁਣਾਚਾਰੀ ਤੇ ਕਾਨੂੰਨੀ ਤੇ ਵਿਧਾਨਕ ਮਾਮਲੇ ਸ਼ਾਮਲ ਹਨ।
ਪੰਜਾਬ ਸਰਕਾਰ ਸਰਹੱਦ ‘ਤੇ ਘੁਸਪੈਠ ਰੋਕਣ ਲਈ ਗੰਭੀਰ : ਭਗਵੰਤ ਮਾਨ
ਸਰਹੱਦੀ ਤੇ ਕੰਢੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਰੂਪ-ਰੇਖਾ ਤਿਆਰ ਕਰਨ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰੇਗੀ। ਇਹ ਐਲਾਨ ਅੰਮ੍ਰਿਤਸਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਹ ਇਤਿਹਾਸਕ ਰਾਮਤੀਰਥ ਵਿਖੇ ਲਵ-ਕੁਸ਼ ਅਤੇ ਗੁਰੂ ਗਿਆਨ ਨਾਥ ਦੇ ਜਨਮ ਦਿਵਸ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਹ ਸਮਾਗਮ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਕਰਵਾਇਆ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਗਾਤਾਰ ਇਨ੍ਹਾਂ ਸਰਹੱਦੀ ਅਤੇ ਕੰਡੀ ਖੇਤਰਾਂ ਨੂੰ ਅਣਗੌਲਿਆ ਕਰਨ ਨਾਲ ਇਹ ਖੇਤਰ ਵਿਕਾਸ ਪੱਖੋਂ ਪੱਛੜ ਗਏ ਹਨ।
ਹੁਣ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ‘ਤੇ ਵਧੇਰੇ ਜ਼ੋਰ ਦੇਵੇਗੀ। ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਸਰਕਾਰ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੰਜਾਬ ਪੁਲਿਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੀ ਸਰਕਾਰ ਵਚਨਬੱਧ ਹੈ। ਇਸ ਦੌਰਾਨ ਮਾਨ ਨੇ ਆਖਿਆ ਕਿ ਉਨ੍ਹਾਂ ਦਾ ਮਕਸਦ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣਾ ਹੈ। ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਉਨ੍ਹਾਂ ਆਖਿਆ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਾਰੇ ਵਾਅਦੇ ਪੂਰੇ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਲਵ ਕੁਸ਼ ਤੇ ਗੁਰੂ ਗਿਆਨਨਾਥ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਸਥਾਨ ਦੇ ਵਿਕਾਸ ਸਬੰਧੀ ਸਾਰੇ ਮਸਲੇ ਛੇਤੀ ਹੀ ਟਰੱਸਟੀਆਂ ਨਾਲ ਵਿਚਾਰ-ਚਰਚਾ ਕਰਕੇ ਹੱਲ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਰਮਦਾਸ ਸਮੇਤ ਟਰੱਸਟ ਦੇ ਆਗੂ ਵੀ ਹਾਜ਼ਰ ਸਨ।

 

 

Check Also

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ …