ਹਾਈਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਤੋਂ ਨਾਂਹ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਸਾਫ ਇਨਸਾਫ਼ ਕਰ ਦਿੱਤਾ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਡਬਲ ਬੈਂਚ ਨੇ ਖ਼ੁਦ ਨੂੰ ਇਸ ਕੇਸ ਤੋਂ ਪਾਸੇ ਕਰ ਲਿਆ ਹੈ। ਇਸ ਤਰ੍ਹਾਂ ਹੁਣ ਉੱਚ ਅਦਾਲਤ ਦਾ ਨਵਾਂ ਬੈਂਚ ਸੁਣਵਾਈ ਕਰੇਗਾ। ਉਦੋਂ ਤੱਕ ਮਜੀਠੀਆ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਇਸ ਸਮੇਂ ਨਿਆਇਕ ਹਿਰਾਸਤ ਅਧੀਨ ਅਕਾਲੀ ਆਗੂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਹੈ। ਮੁਹਾਲੀ ਅਦਾਲਤ ਵਿੱਚ ਅਗਲੀ ਸੁਣਵਾਈ 11 ਜੁਲਾਈ ਨੂੰ ਹੋਣੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਮਜੀਠੀਆ ਨੇ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਵੀ ਇਕ ਅਰਜ਼ੀ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਕੋਈ ਵੀ ਰਾਹਤ ਨਾ ਦਿੰਦੇ ਹੋਏ ਇਸ ਕੇਸ ਦੀ ਸੁਣਵਾਈ ਹਾਈ ਕੋਰਟ ਦੇ ਡਬਲ ਬੈਂਚ ਨੂੰ ਕਰਨ ਲਈ ਕਿਹਾ ਗਿਆ ਸੀ ਪਰ ਹੁਣ ਅਚਾਨਕ ਹਾਈਕੋਰਟ ਦੇ ਡਬਲ ਬੈਂਚ ਨੇ ਵੀ ਖ਼ੁਦ ਨੂੰ ਇਸ ਕੇਸ ਸੁਣਵਾਈ ਤੋਂ ਪਾਸੇ ਕਰ ਲਿਆ ਹੈ।