Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਰੋਕਣ ਸਬੰਧੀ ਚਰਚਾ

ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਰੋਕਣ ਸਬੰਧੀ ਚਰਚਾ

ਸੰਘਰਸ਼ ਵਿੱਢਣ ਸਬੰਧੀ ਰਣਨੀਤੀ ਅਗਲੀ ਮੀਟਿੰਗ ਵਿੱਚ ਤਿਆਰ ਕੀਤੀ ਜਾਵੇਗੀ : ਉਗਰਾਹਾਂ
ਮੁੱਲਾਂਪੁਰ ਦਾਖਾ : ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਮੁੱਲਾਂਪੁਰ ਦਾਖਾ ਦੇ ਗੁਰਸ਼ਰਨ ਕਲਾ ਭਵਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ, ਜਿਸ ‘ਚ ਪਾਣੀਆਂ ਤੇ ਕੁਦਰਤੀ ਸੋਮਿਆਂ ਉੱਪਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹਟਾਉਣ, ਦਰਿਆਵਾਂ, ਨਹਿਰਾਂ, ਨਾਲਿਆਂ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਤੇ ਦਿਨੋ-ਦਿਨ ਡੂੰਘੇ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਉਪਰਾਲੇ ਕਰਨ ਸਬੰਧੀ ਚਰਚਾ ਕੀਤੀ ਗਈ।
ਇਸ ਦੌਰਾਨ ਵੋਟ ਰਾਜਨੀਤੀ ਤੋਂ ਉੱਪਰ ਉੱਠ ਕੇ ਹਰਿਆਣਾ ਅਤੇ ਰਾਜਸਥਾਨ ਨਾਲ ਕੌਮਾਂਤਰੀ ਕਾਨੂੰਨਾਂ ਅਨੁਸਾਰ ਦਰਿਆਈ ਪਾਣੀਆਂ ਦੀ ਵੰਡ ਸਣੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਵੀ ਵਿਚਾਰਿਆ ਗਿਆ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਇਨ੍ਹਾਂ ਮਸਲਿਆਂ ‘ਤੇ ਇਕਸੁਰ ਨਜ਼ਰ ਆਏ, ਪਰ ਇਨ੍ਹਾਂ ਮਾਮਲਿਆਂ ਸਬੰਧੀ ਸੰਘਰਸ਼ ਦੀ ਰਣਨੀਤੀ ਘੜਨ ਲਈ ਫੈਸਲਾ ਅਗਲੀ ਮੀਟਿੰਗ ਵਿੱਚ ਹੋਵੇਗਾ। ਉਗਰਾਹਾਂ ਨੇ ਕਿਹਾ ਕਿ ਡੇਢ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁੱਦਿਆਂ ‘ਤੇ ਸਹਿਮਤੀ ਪ੍ਰਗਟਾਈ ਹੈ ਤੇ ਕੁਝ ਹੋਰ ਮੰਗਾਂ ਵੀ ਮੰਗ ਪੱਤਰ ਵਿੱਚ ਸ਼ਾਮਲ ਕਰਵਾਈਆਂ ਹਨ, ਪਰ ਇਸ ਸਬੰਧੀ ਲੜਾਈ ਵਿੱਢਣ ਬਾਰੇ ਰਣਨੀਤੀ ਅਗਲੀ ਮੀਟਿੰਗ ਵਿੱਚ ਤਿਆਰ ਕੀਤੀ ਜਾਵੇਗੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …