ਕਿਹਾ : ਬਾਕੀ ਸ਼ਰਧਾਲੂਆਂ ’ਤੇ ਪ੍ਰਮਾਤਮਾ ਮੇਹਰ ਭਰਿਆ ਹੱਥ ਰੱਖੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ’ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਦਲ ਫਟਣ ਦੀ ਖ਼ਬਰ ਨੇ ਸਾਡੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਪੰਜਾਬ ਦੇ ਬਹੁਤ ਸਾਰੇ ਸ਼ਰਧਾਲੂ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਗਏ ਹੋਏ ਹਨ ਅਤੇ ਉਮੀਦ ਕਰਦਾ ਹਾਂ ਕਿ ਉਹ ਸਾਰੇ ਸੁਰੱਖਿਅਤ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਰਧਾਲੂਆਂ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ‘ਸ੍ਰੀ ਅਮਰਨਾਥ ਗੁਫਾ’ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈ ਲਾਪਤਾ ਹੋ ਗਏ ਨੇ। ਸ਼ਰਧਾਲੂਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਬਾਕੀ ਸ਼ਰਧਾਲੂਆਂ ’ਤੇ ਆਪਣਾ ਮਿਹਰ ਭਰਿਆ ਹੱਥ ਰੱਖਣ’’ ਅਤੇ ਮੁੜ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ।