ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਹਨ ਰਾਘਵ ਚੱਢਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹਨ। ਇਹ ਕਮੇਟੀ ਲੋਕ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ ਦੇਵੇਗੀ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਨ ਪਰ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਵੀ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਦੇ ਜ਼ਰੀਏ ਦਿੱਲੀ ਅਤੇ ਪੰਜਾਬ ਸਰਕਾਰ ਵਿਚਾਲੇ ਹੋਏ ਨਾਲੇਜ ਸ਼ੇਅਰਿੰਗ ਸਮਝੌਤੇ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਇਹ ਸਮਝੌਤਾ ਅਪ੍ਰੈਲ ਮਹੀਨੇ ਵਿਚ ਹੋਇਆ ਸੀ, ਹਾਲਾਂਕਿ ਉਸ ਤੋਂ ਬਾਅਦ ਹੁਣ ਤੱਕ ਜ਼ਮੀਨੀ ਪੱਧਰ ’ਤੇ ਕੁਝ ਦੇਖਣ ਨੂੰ ਨਹੀਂ ਮਿਲਿਆ। ਨਵੀਂ ਕਮੇਟੀ ਜ਼ਰੀਏ ਸਿੱਖਿਆ ਅਤੇ ਸਿਹਤ ਵਿਚ ਬਦਲਾਅ ਨੂੰ ਲਾਗੂ ਕੀਤਾ ਜਾਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਇਸ ਕਮੇਟੀ ਦੇ ਜ਼ਰੀਏ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ਵਿਚ ਤੇਜ਼ੀ ਆਏਗੀ ਅਤੇ ਇਹ ਕਮੇਟੀ ਲੋਕਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸਰਕਾਰ ਦੇ ਕੰਮਕਾਜ ਨੂੰ ਦੇਖੇਗੀ। ਇਸ ਕਮੇਟੀ ਦੇ ਅਹੁਦੇਦਾਰਾਂ ਨੂੰ ਵੱਖਰੇ ਤੌਰ ’ਤੇ ਕੋਈ ਭੱਤਾ ਜਾਂ ਲਾਭ ਨਹੀਂ ਮਿਲੇਗਾ।