ਸਰਕਾਰ ਨੇ ਬਿਜਲੀ ਵਿਭਾਗ ਨੂੰ ਭੇਜੀ ਚਿੱਠੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਮੁਫਤ ਬਿਜਲੀ ਬਾਰੇ ਲਏ ਗਏ ਫੈਸਲੇ ਸਬੰਧੀ ਬਿਜਲੀ ਵਿਭਾਗ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿਚ ਪੰਜਾਬ ਸਰਕਾਰ ਵਲੋਂ 300 ਯੂਨਿਟ ਮੁਫਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵਲੋਂ ਸਿਰਫ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਨ ਵਾਲੇ ਐਸ.ਸੀ., ਬੀਪੀਐਲ ਅਤੇ ਬੀਸੀ ਘਰੇਲੂ ਖਪਤਕਾਰਾਂ ਲਈ ਇਕ ਕਿਲੋਵਾਟ ਤੱਕ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਸ਼ਰਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਮੁੱਖ ਸਕੱਤਰ ਨੂੰ ਚਿੱਠੀ ਵੀ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ’ਚ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿਆਂਗੇ। ਪੰਜਾਬ ਵਿਚ ‘ਆਪ’ ਦੀ ਸਰਕਾਰ ਬਣ ਗਈ ਤੇ ਇਸ ਸਕੀਮ ਨੂੰ ਇਕ ਜੁਲਾਈ ਤੋਂ ਲਾਗੂ ਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਵਿਚ ਕੁਝ ਸੋਧਾਂ ਵੀ ਕੀਤੀਆਂ ਗਈਆਂ ਹਨ। ਪੰਜਾਬ ਵਿਚ ਬਿਜਲੀ ਦਾ ਦੋ ਮਹੀਨਿਆਂ ਬਾਅਦ ਬਿੱਲ ਆਉਂਦਾ ਹੈ, ਇਸ ਲਈ ਹਰ ਬਿੱਲ ’ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ।