ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ
ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਹਾਊਸ ’ਤੇ ਬੋਲਿਆ ਧਾਵਾ
ਕੋਲੰਬੋ/ਬਿਊਰੋ ਨਿਊਜ਼
ਗੋਟਾਬਾਇਆ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ੍ਰੀਲੰਕਾ ਦੇ ਲੋਕ ਗੁੱਸੇ ’ਚ ਹਨ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਹਾਊਸ ’ਤੇ ਧਾਵਾ ਬੋਲ ਦਿੱਤਾ ਅਤੇ ਇਸ ਤੋਂ ਬਾਅਦ ਦੇਸ਼ ’ਚ ਐਮਰਜੈਂਸੀ ਲਾਗੂ ਹੋ ਗਈ ਹੈ। ਪ੍ਰਦਰਸ਼ਕਾਰੀਆਂ ’ਤੇ ਲਾਠੀਚਾਰਜ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਵਲੋਂ ਸ੍ਰੀਲੰਕਾ ’ਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਇਹ ਵੀ ਜ਼ਿਕਰਯੋਗ ਹੈ ਕਿ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਹੀ ਕਾਰਜਕਾਰੀ ਰਾਸ਼ਟਰਪਤੀ ਲਾਇਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਪ੍ਰਦਰਸ਼ਨਕਾਰੀਆਂ ਨੇ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੱਦਦ ਮੰਗੀ ਹੈ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ, ਉਨ੍ਹਾਂ ਦੀ ਪਤਨੀ ਅਤੇ ਦੋ ਸੁਰੱਖਿਆ ਕਰਮਚਾਰੀ ਸ੍ਰੀਲੰਕਾ ਦੀ ਹਵਾਈ ਸੈਨਾ ਦੇ ਜਹਾਜ਼ ਵਿਚ ਸਵਾਰ ਹੋ ਕੇ ਮਾਲਦੀਵ ਲਈ ਰਵਾਨਾ ਹੋ ਗਏ ਸਨ। ਜ਼ਿਕਰਯੋਗ ਹੈ ਕਿ ਗੋਟਾਬਾਇਆ ਰਾਜਪਕਸ਼ੇ ਅਮਰੀਕਾ ਜਾਣਾ ਚਾਹੁੰਦੇ ਸਨ, ਪਰ ਅਮਰੀਕਾ ਨੇ ਉਨ੍ਹਾਂ ਨੂੰ ਵੀਜ਼ਾ ਨਹੀਂ ਦਿੱਤਾ। ਰਾਜਪਕਸ਼ੇ ਕੋਲ ਸ੍ਰੀਲੰਕਾ ਅਤੇ ਅਮਰੀਕਾ ਦੀ ਦੋਹਰੀ ਨਾਗਰਿਕਤਾ ਸੀ, ਪਰ 2019 ਵਿਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਅਮਰੀਕਾ ਦੀ ਨਾਗਰਿਕਤਾ ਛੱਡ ਦਿੱਤੀ ਸੀ। ਉਹ ਇਸ ਕਰਕੇ ਕਿ ਸ੍ਰੀਲੰਕਾ ਦੇ ਸੰਵਿਧਾਨ ਵਿਚ ਸਿੰਗਲ ਸਿਟੀਜਨਸ਼ਿਪ ਦਾ ਕਾਨੂੰਨ ਹੈ ਅਤੇ ਅਜਿਹੇ ਵਿਚ ਰਾਸ਼ਟਰਪਤੀ ਚੋਣ ਲੜਨ ਲਈ ਸਿਰਫ ਸ੍ਰੀਲੰਕਾ ਦਾ ਨਾਗਰਿਕ ਹੋਣਾ ਜ਼ਰੂਰੀ ਸੀ।