ਮੁੱਖ ਬੱਸ ਅੱਡਿਆਂ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਤਨਖਾਹ ਨਾ ਮਿਲਣ ਕਾਰਨ ਅੱਜ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਮੁੱਖ ਬੱਸ ਅੱਡਿਆਂ ਦੇ ਗੇਟ ਬੰਦ ਕਰਕੇ ਸਰਕਾਰੀ ਬੱਸਾਂ ਦਾ 12 ਤੋਂ 2 ਵਜੇ ਤੱਕ 2 ਘੰਟੇ ਲਈ ਚੱਕਾ ਜਾਮ ਕੀਤਾ। ਜਿਸ ਤੋਂ ਬਾਅਦ ਬੱਸ ਅੱਡਿਆਂ ’ਤੇ ਸਵਾਰੀਆਂ ਖੱਜਲ ਖੁਆਰ ਹੁੰਦੀਆਂ ਹੋਈਆਂ ਨਜ਼ਰ ਆਈਆਂ ਹਨ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦਾ ਕਹਿਣਾ ਹੈ ਕਿ ਸਾਨੂੰ ਹਰ ਮਹੀਨੇ ਆਪਣੀ ਤਨਖਾਹ ਲੈਣ ਲਈ ਸੜਕਾਂ ’ਤੇ ਉਤਰਨਾ ਪੈਂਦਾ ਹੈ ਅਤੇ ਇਸ ਤਰ੍ਹਾਂ ਪਿਛਲੇ ਤਿੰਨ ਮਹੀਨਿਆਂ ਤੋਂ ਹੁੰਦਾ ਆ ਰਿਹਾ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅੱਗੇ ਤੋਂ ਇਸ ਤਰ੍ਹਾਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਸੱਤਾ ਵਿਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਜਦਕਿ ਸਰਕਾਰ ਨੇ ਇਸ ਪਾਸੇ ਹਾਲੇ ਤੱਕ ਕੋਈ ਧਿਆਨ ਨਹੀਂ ਦਿਤਾ।