ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈ ਕੋਰਟ ‘ਚ ਚੁਣੌਤੀ
ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਅਸਥਾਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਹੁਣ ਕਾਨੂੰਨੀ ਸਵਾਲਾਂ ‘ਚ ਘਿਰ ਗਈ ਹੈ। ਰਾਘਵ ਚੱਢਾ ਦੀ ਨਿਯੁਕਤੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੂੰ ਲੰਘੇ ਦਿਨੀਂ ਪੰਜਾਬ ਸਰਕਾਰ ਨੇ ਲੋਕ ਮੁੱਦਿਆਂ ‘ਤੇ ਸਲਾਹ ਲੈਣ ਲਈ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਪਟੀਸ਼ਨਰ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਦਾਇਰ ਪਟੀਸ਼ਨ ‘ਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਗੈਰ ਸੰਵਿਧਾਨਕ ਅਤੇ ਮਨਮਾਨੇ ਢੰਗ ਕੀਤੀ ਗਈ ਕਰਾਰ ਦਿੱਤਾ ਹੈ।
ਉਨ੍ਹਾਂ ਦਲੀਲ ਦਿੱਤੀ ਹੈ ਕਿ ਇਹ ਪੰਜਾਬ ਸਰਕਾਰ ਦੇ ਅੰਦਰ ਸਮਾਨਾਂਤਰ ਸਰਕਾਰ ਬਣਾਉਣ ਦੇ ਬਰਾਬਰ ਹੈ ਅਤੇ ਇਸ ਤਰ੍ਹਾਂ ਕਰਕੇ ਸਰਕਾਰੀ ਖ਼ਜ਼ਾਨੇ ‘ਤੇ ਵਾਧੂ ਬੋਝ ਪਾਇਆ ਗਿਆ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਸਭ ਕੁਝ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਕੀਤਾ ਗਿਆ ਹੈ ਜੋ ਕਿ ਪੰਜਾਬ ਦੇ ਮਾਮਲਿਆਂ ਵਿਚ ਦਖਲ ਦੇਣ ਦੇ ਬਰਾਬਰ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਅਸਥਾਈ ਕਮੇਟੀ ਨੂੰ ਸਾਰੀਆਂ ਸਹੂਲਤਾਂ ਸਮੇਤ ਕੈਬਨਿਟ ਰੈਂਕ ਦਾ ਦਰਜਾ ਦਿੱਤਾ ਗਿਆ ਹੈ ਜਦਕਿ ਕੈਬਨਿਟ ਮੰਤਰੀ ਦਾ ਦਰਜਾ ਪਾਉਣ ਵਾਲੇ ਵਿਅਕਤੀ ਨੂੰ ਸੰਵਿਧਾਨ ਦੀ ਸਹੁੰ ਚੁਕਾਈ ਜਾਂਦੀ ਹੈ ਪਰ ਇਸ ਮਾਮਲੇ ਵਿਚ ਅਜਿਹਾ ਕੁਝ ਨਹੀਂ ਹੈ। ਕੈਬਨਿਟ ਰੈਂਕ ਪੰਜਾਬ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰ ਨੂੰ ਮਿਲਦਾ ਹੈ।