ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਰਵਾਰ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਤਮਸਤਕ ਹੋਏ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਸੰਤ ਸੀਚੇਵਾਲ ਹੋਰਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਵੀ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸੀਚੇਵਾਲ ਹੋਰਾਂ ਨੇ ਕਿਹਾ ਕਿ ਸੂਬੇ ਵਿੱਚ ਨਦੀਆਂ ਵੱਡੇ ਪੱਧਰ ਉਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ।
ਇਸ ਲਈ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਾਟਰ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸੀਚੇਵਾਲ ਹੋਰਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲਬਾਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਹੈ ਅਤੇ ਰਾਜ ਸਭਾ ਦਾ ਇਜਲਾਸ ਆਉਂਦੀ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ।